ਤਾਜਾ ਖਬਰਾਂ
ਪੰਜਾਬ ਦੇ ਸੀਐਮ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਇਲਾਜ ਹੇਠ ਹਨ, ਪਰ ਡਾਕਟਰਾਂ ਅਨੁਸਾਰ ਹੁਣ ਉਹਨਾਂ ਦੀ ਤਬੀਅਤ ਵਿੱਚ ਤੇਜ਼ੀ ਨਾਲ ਸੁਧਾਰ ਆ ਰਿਹਾ ਹੈ। ਤਾਜ਼ਾ ਮੈਡੀਕਲ ਬੁਲੇਟਿਨ ਮੁਤਾਬਕ, ਸੰਭਾਵਨਾ ਹੈ ਕਿ ਇੱਕ-ਦੋ ਦਿਨਾਂ ਵਿੱਚ ਉਹਨਾਂ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ।
ਹਾਲਤ ਦਾ ਪਤਾ ਕਰਨ ਲਈ ਕਈ ਰਾਜਨੀਤਿਕ ਨੇਤਾ ਹਸਪਤਾਲ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਹਾਲ ਹੀ ਵਿੱਚ ਭਗਵੰਤ ਮਾਨ ਨਾਲ ਕਰੀਬ 15 ਮਿੰਟ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ, ਜਦੋਂ ਕਿ ਬਾਅਦ ਵਿੱਚ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਪਾਰਟੀ ਆਗੂ ਵੀ ਮਿਲਣ ਆਏ।
ਹਸਪਤਾਲ ਵਿੱਚ ਦਾਖਲ ਹੋਣ ਦੇ ਬਾਵਜੂਦ, ਸੀਐਮ ਮਾਨ ਨੇ ਕੰਮਕਾਜ ਜਾਰੀ ਰੱਖਿਆ। ਉਨ੍ਹਾਂ ਨੇ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ ਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਮਹੱਤਵਪੂਰਨ ਫ਼ੈਸਲੇ ਐਲਾਨੇ।
ਸਭ ਤੋਂ ਵੱਡੀ ਘੋਸ਼ਣਾ ਕਿਸਾਨਾਂ ਨਾਲ ਸੰਬੰਧਤ ਸੀ। “ਜਿਸ ਦਾ ਖੇਤ, ਉਸ ਦੀ ਰੇਤ” ਨੀਤੀ ਤਹਿਤ ਹੁਣ ਕਿਸਾਨ ਹੜ੍ਹ ਨਾਲ ਆਈ ਰੇਤ ਨੂੰ ਆਪਣੇ ਖੇਤਾਂ ਵਿੱਚੋਂ ਹਟਾ ਸਕਣਗੇ ਅਤੇ ਉਸ ਰੇਤ ਦੀ ਮਲਕੀਅਤ ਵੀ ਉਹਨਾਂ ਕੋਲ ਹੀ ਰਹੇਗੀ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ — ਜੋ ਕਿ ਕਿਸੇ ਵੀ ਰਾਜ ਵੱਲੋਂ ਮਿਲਣ ਵਾਲਾ ਸਭ ਤੋਂ ਵੱਧ ਮੁਆਵਜ਼ਾ ਦੱਸਿਆ ਜਾ ਰਿਹਾ ਹੈ।
ਇਸ ਦੇ ਨਾਲ, ਹੜ੍ਹ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਮਿਲੇਗੀ। ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਜਾਂ ਸੁਸਾਇਟੀਆਂ ਤੋਂ ਲਏ ਕਰਜ਼ਿਆਂ ਦੀ ਅਦਾਇਗੀ ਲਈ ਛੇ ਮਹੀਨਿਆਂ ਦੀ ਛੂਟ ਵੀ ਦੇਣ ਦਾ ਐਲਾਨ ਕੀਤਾ ਗਿਆ ਹੈ।
Get all latest content delivered to your email a few times a month.