ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਕਿ ਹਰ ਪਿੰਡ ਤੱਕ ਰਾਹਤ ਪਹੁੰਚਾਈ ਜਾਵੇ ਅਤੇ ਲੋੜਵੰਦਾਂ ਦੀ ਮਦਦ ਵਿੱਚ ਕੋਈ ਢਿੱਲ ਨਾ ਰਹੇ। ਐਡਵੋਕੇਟ ਧਾਮੀ ਨੇ ਹੜ੍ਹ ਕਾਰਨ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਏ ਵੱਡੇ ਨੁਕਸਾਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿੱਚ ਪੂਰੀ ਤਰ੍ਹਾਂ ਲੱਗੀ ਹੋਈ ਹੈ। ਇਸ ਦੌਰਾਨ ਲੋਕਾਂ ਨੂੰ ਰੋਜ਼ਮਰਾ ਦੇ ਸਮਾਨ, ਡੀਜ਼ਲ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਮਸ਼ੀਨਾਂ ਨਾਲ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਮੈਡੀਕਲ ਟੀਮਾਂ ਵੀ ਹਲਾਤਾਂ ਦੇ ਮੁਤਾਬਕ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ।
ਮੀਟਿੰਗ ਵਿੱਚ ਐਡਵੋਕੇਟ ਧਾਮੀ ਨੇ ਇਹ ਵੀ ਉਜਾਗਰ ਕੀਤਾ ਕਿ ਸ਼੍ਰੋਮਣੀ ਕਮੇਟੀ ਇਹ ਰਾਹਤ ਕਾਰਜ ਤਦ ਤੱਕ ਜਾਰੀ ਰੱਖੇਗੀ ਜਦ ਤੱਕ ਹਲਾਤ ਆਮ ਨਹੀਂ ਹੋ ਜਾਂਦੇ। ਉਹਨਾਂ ਨੇ ਆਉਂਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਵਿਚਾਰ-ਵਟਾਂਦਰਾ ਕਰਕੇ ਇੱਕ ਢੁੱਕਵੀਂ ਰਣਨੀਤੀ ਤਿਆਰ ਕਰਨ ਦੀ ਗੱਲ ਕੀਤੀ, ਤਾਂ ਜੋ ਪਾਣੀ ਸੁਕਣ ਬਾਅਦ ਲੋਕਾਂ ਦੀਆਂ ਲੋੜਾਂ ਮੁਤਾਬਕ ਰਾਹਤ ਸੇਵਾਵਾਂ ਵਿਧੀਵਤ ਤਰੀਕੇ ਨਾਲ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਸਭ ਤੋਂ ਜ਼ਿਆਦਾ ਮਾਰੂੜ ਜ਼ਖਮੀ ਲੋਕਾਂ ਦੀ ਮਦਦ ਹੋ ਸਕੇ।
ਇਸ ਮੌਕੇ ਬਾਬਾ ਧਰਮਵੀਰ ਸਿੰਘ ਕਾਰ ਸੇਵਾ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਨੇ ਵੀ ਹੜ੍ਹ ਪੀੜਤਾਂ ਲਈ ਦਵਾਈਆਂ ਅਤੇ ਨਗਦ ਰਾਸ਼ੀ ਦਿੱਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਦੱਸ ਸ. ਰਣਜੀਤ ਸਿੰਘ ਕਾਹਲੋਂ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ.ਪਰਮਜੀਤ ਸਿੰਘ ਖਾਲਸਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
Get all latest content delivered to your email a few times a month.