ਤਾਜਾ ਖਬਰਾਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ:
ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਿਰਦੇਸ਼ਾਂ ਅਨੁਸਾਰ, ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਜ਼ਿਲ੍ਹਾ ਸੈਨਿਕ ਬੋਰਡ, ਫੇਜ਼-10, ਮੋਹਾਲੀ ਵਿਖੇ ਸਥਾਪਿਤ ਕਾਨੂੰਨੀ ਸਹਾਇਤਾ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਕਾਨੂੰਨੀ ਸਹਾਇਤਾ ਕਲੀਨਿਕ ਵਿੱਚ ਤਾਇਨਾਤ ਪੈਰਾ ਲੀਗਲ ਵਲੰਟੀਅਰ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਸੈਨਿਕ ਬੋਰਡ ਦੁਆਰਾ ਰੱਖੇ ਗਏ ਰਜਿਸਟਰਾਂ ਦੀ ਜਾਂਚ ਕੀਤੀ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਅੱਗੇ ਦੱਸਿਆ ਕਿ "ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਕਾਨੂੰਨੀ ਸੇਵਾਵਾਂ ਕਲੀਨਿਕ) ਨਿਯਮ, 2011" ਵਿੱਚ ਸ਼ਾਮਲ ਉਪਬੰਧਾਂ ਦੇ ਅਨੁਸਾਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ/ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫਤਰਾਂ ਵਿੱਚ ਸਥਾਪਤ ਕਾਨੂੰਨੀ ਸੇਵਾਵਾਂ ਕਲੀਨਿਕਾਂ ਦੇ ਪ੍ਰਭਾਵਸ਼ਾਲੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਾਨੂੰਨੀ ਸੇਵਾਵਾਂ ਕਲੀਨਿਕ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਮ ਕਰੇਗਾ। ਕਾਨੂੰਨੀ ਸੇਵਾਵਾਂ ਕਲੀਨਿਕ, ਰੱਖਿਆ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਆਸ਼ਰਿਤਾਂ ਨੂੰ, ਉਨ੍ਹਾਂ ਦੀਆਂ ਕਾਨੂੰਨੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਵਿੰਡੋ ਸਹੂਲਤ ਵਾਂਗ ਕੰਮ ਕਰਦਾ ਹੈ। ਪੈਰਾ ਲੀਗਲ ਵਲੰਟੀਅਰ ਕਾਨੂੰਨੀ ਸੇਵਾ ਦੀ ਮੰਗ ਕਰਨ ਵਾਲੇ ਵਿਅਕਤੀਆਂ ਨੂੰ ਸ਼ੁਰੂਆਤੀ ਸਲਾਹ ਦੇਵੇਗਾ, ਅਜਿਹੇ ਵਿਅਕਤੀਆਂ ਨੂੰ ਪਟੀਸ਼ਨ/ਨੋਟਿਸ ਤਿਆਰ ਕਰਨ ਅਤੇ ਸਰਕਾਰੀ ਯੋਜਨਾਵਾਂ ਅਧੀਨ ਉਪਲਬਧ ਵੱਖ-ਵੱਖ ਲਾਭਾਂ ਲਈ ਅਰਜ਼ੀ ਫਾਰਮ ਭਰਨ ਵਿੱਚ ਮਦਦ ਕਰੇਗਾ। ਜੇਕਰ ਕਿਸੇ ਵੀ ਪੜਾਅ ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲੇ ਨੂੰ ਵਕੀਲ ਦੀਆਂ ਸੇਵਾਵਾਂ ਦੀ ਲੋੜ ਹੁੰਦੀ ਹੈ, ਤਾਂ ਪੀ ਐਲ ਵੀ ਸ਼ਿਕਾਇਤ ਦੇ ਹੱਲ ਲਈ ਪੈਨਲ ਵਕੀਲ ਨਾਲ ਸੰਪਰਕ ਕਰੇਗਾ। ਇਹ ਪਹਿਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕੀਤੀ ਗਈ ਹੈ।
Get all latest content delivered to your email a few times a month.