ਤਾਜਾ ਖਬਰਾਂ
ਕਿਸਾਨਾਂ ਨੂੰ ਖੇਤ ਵਾਹੀਯੋਗ ਬਨਾਉਣ ਲਈ 8 ਲੱਖ ਲੀਟਰ ਡੀਜ਼ਲ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਦਿੱਤਾ ਜਾਵੇਗਾ ਬੀਜ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਭਾਵਿਤ ਗੁਰਦੁਆਰਾ ਸਾਹਿਬਾਨ ਨੂੰ ਦੇਵੇਗੀ 50-50 ਹਜ਼ਾਰ ਰੁਪਏ ਦੀ ਸਹਾਇਤਾ
ਅੰਮ੍ਰਿਤਸਰ, 11 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪ੍ਰਭਾਵਿਤ ਪਿੰਡਾਂ ਦੇ ਗੁਰੂ-ਘਰਾਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਦੀ ਇਕੱਤਰਤਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵਿਚਾਰ ਚਰਚਾ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਖਰਾਬ ਹੋਈਆਂ ਹਨ, ਉਨ੍ਹਾਂ ਜ਼ਰੂਰਤਮੰਦ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਕਿਤਾਬਾਂ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਮੈਡੀਕਲ ਟੀਮਾਂ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ, ਹੁਣ ਪਾਣੀ ਉਤਰਨ ਤੋਂ ਬਾਅਦ ਵਧ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ 50 ਮੈਡੀਕਲ ਵੈਨਾਂ ਇਨ੍ਹਾਂ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਪਹਿਲੇ ਦੀ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਡੀਜ਼ਲ ਤੋਂ ਵੈਟ ਖ਼ਤਮ ਕੀਤਾ ਜਾਵੇ, ਤਾਂ ਜੋ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਹੋ ਸਕੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜ ਗੁਰੂ ਕੀ ਗੋਲਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋ ਰਹੇ ਹਨ। ਇਸ ਲਈ ਸੰਗਤਾਂ ਖੁਲ੍ਹਦਿਲੀ ਨਾਲ ਇਨ੍ਹਾਂ ਕਾਰਜਾਂ ਵਿਚ ਯੋਗਦਾਨ ਪਾਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਲਈ 1 ਲੱਖ 1 ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ। ਅੰਤ੍ਰਿੰਗ ਕਮੇਟੀ ਵਿਚ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਨਾਲ-ਨਾਲ ਹੜ੍ਹਾਂ ਵਿਚ ਚਲਾਣਾ ਕਰ ਜਾਣ ਵਾਲਿਆਂ ਪ੍ਰਤੀ ਸ਼ੋਕ ਮਤਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਅਵਤਾਰ ਸਿੰਘ ਰਿਆ, ਬੀਬੀ ਗੁਰਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਹੁਣ ਤੱਕ 77 ਲੱਖ ਤੋਂ ਵੱਧ ਦਾ ਭੇਜਿਆ ਲੋੜੀਂਦਾ ਸਮਾਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਣ ਤੱਕ ਕੀਤੇ ਰਾਹਤ ਕਾਰਜਾਂ ਦੀ ਤਫ਼ਸੀਲ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ 77 ਲੱਖ 40 ਹਜ਼ਾਰ ਤੋਂ ਵੱਧ ਦਾ ਲੋੜੀਂਦਾ ਸਮਾਨ ਲੋਕਾਂ ਤੱਕ ਪਹੁੰਚਾਇਆ ਹੈ। ਇਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜਿਥੇ ਲੰਗਰ ਦੀਆਂ ਰਸਦਾਂ ਵੱਡੀ ਪੱਧਰ ’ਤੇ ਲੋਕਾਂ ਤੱਕ ਭੇਜੀਆਂ ਗਈਆਂ, ਉਥੇ 23 ਲੱਖ 85 ਹਜ਼ਾਰ ਦਾ ਜ਼ਰੂਰੀ ਸਮਾਨ ਵੀ ਭੇਜਿਆ ਗਿਆ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ 3 ਲੱਖ 89 ਹਜ਼ਾਰ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ 3 ਲੱਖ 65 ਹਜ਼ਾਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ 2 ਲੱਖ 51 ਹਜ਼ਾਰ, ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਬਜੀਦਪੁਰ ਤੋਂ 16 ਲੱਖ 8 ਹਜ਼ਾਰ, ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਤੋਂ 2 ਲੱਖ 6 ਹਜ਼ਾਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 12 ਲੱਖ 95 ਹਜ਼ਾਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 2 ਲੱਖ 62 ਹਜ਼ਾਰ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ 9 ਲੱਖ 66 ਹਜ਼ਾਰ ਰੁਪਏ ਦੀ ਸਹਾਇਤਾ ਵੱਖ-ਵੱਖ ਕਾਰਜਾਂ ਜਰੱਈਏ ਕੀਤੀ ਗਈ। ਇਸ ਵਿਚ ਜਿਥੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਡੀਜ਼ਲ ਦਿੱਤਾ ਗਿਆ, ਉਥੇ ਪੀਣ ਵਾਲਾ ਪਾਣੀ, ਤਰਪਾਲਾਂ, ਸੁੱਕਾ ਦੁੱਧ, ਪਸ਼ੂਆਂ ਦੇ ਚਾਰੇ ਸਮੇਤ ਰੋਜ਼ਮਰਾ ਦਾ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ।
Get all latest content delivered to your email a few times a month.