ਤਾਜਾ ਖਬਰਾਂ
ਸੰਗਰੂਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਪ੍ਰਸ਼ਾਸਨ ਕੋਲ ਮਾਮਲਾ ਉਠਾਇਆ
ਸੰਗਰੂਰ, 11 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਇਸ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਕਾਰ ਬਹੁਤ ਜ਼ਿਆਦਾ ਟਕਰਾਅ ਹੈ।
ਇਸ ਲੜੀ ਹੇਠ, ਵੜਿੰਗ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬਾ ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੈਪਟਨ ਸੰਦੀਪ ਸੰਧੂ, ਸੁਰਿੰਦਰਪਾਲ ਸਿੰਘ ਸਿਵੀਆ, ਰਾਹੁਲ ਭੱਠਲ, ਦੁਰਲਭ ਸਿੱਧੂ, ਸਨਮੀਕ ਹੈਨਰੀ, ਜਸਵਿੰਦਰ ਸਿੰਘ ਧੀਮਾਨ, ਅਵਤਾਰ ਗਾਗਾ ਸਣੇ ਹੋਰ ਪਾਰਟੀ ਦੇ ਸੀਨੀਅਰ ਆਗੂ ਵੀ ਸਨ।
ਸੂਬਾ ਕਾਂਗਰਸ ਪ੍ਰਧਾਨ ਨੇ ਚੰਦੂ, ਮਕਰੂਰ ਸਾਹਬ ਅਤੇ ਮੂਨਕ ਇਲਾਕਿਆਂ ਦਾ ਦੌਰਾ ਕੀਤਾ, ਜਿੱਥੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਨੇ ਹੜ੍ਹ ਦੇ ਪਾਣੀ ਦੀ ਨਿਕਾਸੀ ਲਈ ਲੋਕਾਂ ਨੂੰ ਕੁਝ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ।
ਇਸ ਦੌਰਾਨ ਵੜਿੰਗ ਨੇ ਮੌਕੇ 'ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਦੇ ਪਾਣੀ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਖੜ੍ਹੀਆਂ ਫਸਲਾਂ ਨੂੰ ਬਚਾਇਆ ਜਾ ਸਕੇ।
ਜਦਕਿ ਬਾਅਦ ਵਿੱਚ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਹੜ੍ਹਾਂ 'ਤੇ ਕੋਈ ਰਾਜਨੀਤੀ ਨਹੀਂ ਕਰਨਾ ਚਾਹੁੰਦੇ ਹਨ, ਲੇਕਿਨ ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਕਈ ਮੋਰਚਿਆਂ 'ਤੇ ਪੂਰੀ ਤਰ੍ਹਾਂ ਫੇਲ੍ਹ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਵਿਚਕਾਰ ਕੋਈ ਤਾਲਮੇਲ ਨਹੀਂ ਸੀ, ਸਗੋਂ ਇਹ ਇੱਕ ਦੂਜੇ ਨੂੰ ਚੁਣੌਤੀ ਦੇ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀਆਂ ਨੂੰ ਦੁੱਖ ਝੱਲਣਾ ਪਿਆ ਹੈ। ਕਿਉਂਕਿ ਪੰਜਾਬ ਦੋਵਾਂ ਪਾਰਟੀਆਂ ਅਤੇ ਦੋ ਸਰਕਾਰਾਂ ਦੇ ਟਕਰਾਅ ਵਾਲੇ ਹਿੱਤਾਂ ਵਿਚਕਾਰ ਫਸਿਆ ਹੋਇਆ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਕਾਂਗਰਸ ਦੇ ਸਮੁੱਚੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਨਿਰੰਤਰ ਸੰਪਰਕ ਵਿੱਚ ਰਹਿਣਗੇ ਅਤੇ ਜਦੋਂ ਵੀ ਉਨ੍ਹਾਂ ਨੂੰ ਕਿਸੇ ਚੀਜ਼ ਦੀ ਜ਼ਰੂਰਤ ਹੋਏਗੀ, ਤਾਂ ਪਾਰਟੀ ਵਰਕਰ ਉੱਥੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਣਕ ਦੀ ਬਿਜਾਈ ਪੂਰੀ ਹੋਣ ਤੱਕ ਲੋਕਾਂ, ਖਾਸ ਕਰਕੇ ਕਿਸਾਨਾਂ ਦੀ ਮਦਦ ਲਈ ਵਰਕਰਾਂ ਦੀਆਂ ਟੀਮਾਂ ਬਣਾਈਆਂ ਹਨ।
Get all latest content delivered to your email a few times a month.