ਤਾਜਾ ਖਬਰਾਂ
ਜਲੰਧਰ: ਪੰਜਾਬ ਵਿੱਚ ਹਾਲ ਹੀ ਆਏ ਭਿਆਨਕ ਹੜ੍ਹਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਨੇ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਇਸ ਬਾਰੇ ਜਾਣਕਾਰੀ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ।
ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਨੇ 2,303 ਪਿੰਡਾਂ ਨੂੰ ਸਿੱਧਾ ਪ੍ਰਭਾਵਿਤ ਕੀਤਾ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਕਾਰਵਾਈ ਦੀ ਲੋੜ ਹੈ। ਨਿਯੁਕਤ ਨੋਡਲ ਅਧਿਕਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਜ਼ਟਿਡ ਅਫ਼ਸਰਾਂ ਨਾਲ ਮਿਲ ਕੇ ਆਪਣੀਆਂ ਡਿਊਟੀਆਂ ਨਿਭਾਉਣਗੇ।
ਉਨ੍ਹਾਂ ਵਿਆਖਿਆ ਕੀਤੀ ਕਿ ਨੋਡਲ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ‘ਤੇ ਨਿਗਰਾਨੀ ਕਰਨਗੇ, ਫਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਸੁਵਿਧਾਵਾਂ ਯਕੀਨੀ ਬਣਾਉਣਗੇ।
ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਸਿਰਫ਼ ਤੁਰੰਤ ਰਾਹਤ ਨਹੀਂ, ਸਗੋਂ ਸਿਹਤ ਕੈਂਪਾਂ, ਗੁਜਰ-ਬਸਰ ਦੇ ਵਸੀਲੇ ਅਤੇ ਮੁੜ-ਵਸੇਬੇ ਦੀ ਬਹੁਤ ਜ਼ਰੂਰਤ ਹੈ। ਇਸ ਲਈ ਨੋਡਲ ਚੇਅਰਮੈਨ ਅਤੇ ਮੈਂਬਰ ਪਿੰਡ ਪੱਧਰ ‘ਤੇ ਮੈਡੀਕਲ ਸਹਾਇਤਾ, ਸਾਫ਼-ਸਫ਼ਾਈ ਦੇ ਉਪਰਾਲੇ ਅਤੇ ਜ਼ਰੂਰੀ ਸੇਵਾਵਾਂ ਤੁਰੰਤ ਬਹਾਲ ਕਰਨਗੇ।
ਸ. ਮੁੰਡੀਆਂ ਨੇ ਡਿਪਟੀ ਕਮਿਸ਼ਨਰਾਂ ਅਤੇ ਸਬ-ਡਿਵੀਜ਼ਨਲ ਅਥਾਰਟੀਜ਼ ਨੂੰ ਹੁਕਮ ਦਿੱਤਾ ਕਿ ਨੋਡਲ ਪ੍ਰਤੀਨਿਧਾਂ ਨੂੰ ਪੂਰਨ ਸਹਿਯੋਗ ਦੇਣ, ਲੋੜੀਂਦਾ ਡਾਟਾ ਉਪਲਬਧ ਕਰਵਾਉਣ ਅਤੇ ਪਿੰਡ ਪੱਧਰ ‘ਤੇ ਤਾਲਮੇਲ ਯਕੀਨੀ ਬਣਾਉਣ।
ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਹ ਨਿਯੁਕਤੀਆਂ ਇਸ ਦ੍ਰਿੜ ਨਿਸ਼ਚੇ ਨਾਲ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਹਰ ਹੜ੍ਹ ਪ੍ਰਭਾਵਿਤ ਨਾਗਰਿਕ ਦੇ ਨਾਲ ਖੜ੍ਹੀ ਹੈ ਅਤੇ ਹਰ ਉਪਰਾਲਾ ਕਰਕੇ ਮੁੜ-ਵਸੇਬੇ ਨੂੰ ਯਕੀਨੀ ਬਣਾਏਗੀ।”
Get all latest content delivered to your email a few times a month.