ਤਾਜਾ ਖਬਰਾਂ
ਭਾਰਤ-ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਅਜਨਾਲਾ ਇਲਾਕੇ ਦੇ ਕਈ ਪਿੰਡਾਂ ਵਿੱਚ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਕਰਨ ਲਈ ਅੱਜ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਰਮਦਾਸ ਪਿੰਡ ਪਹੁੰਚੇ। ਦੌਰੇ ਦੌਰਾਨ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ, ਫਸਲਾਂ ਦੇ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪਿੰਡ ਦੀਆਂ ਮਹਿਲਾਵਾਂ ਦਾ ਹਾਲ ਚਾਲ ਵੀ ਪੁੱਛਿਆ। ਪਾਸਵਾਨ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜੀ ਹੈ।
ਮੰਤਰੀ ਪਾਸਵਾਨ ਨੇ ਕਿਹਾ ਕਿ ਹੜ੍ਹ ਕਾਰਨ ਪੰਜਾਬ ਦੇ ਕਈ ਪਿੰਡਾਂ ਵਿੱਚ ਲੋਕਾਂ ਅਤੇ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਝੱਲਣਾ ਪਿਆ ਹੈ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਖ਼ਾਸ ਤੌਰ 'ਤੇ ਪੰਜਾਬ ਭੇਜਿਆ ਹੈ, ਤਾਂ ਜੋ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਕੇਂਦਰ ਸਰਕਾਰ ਤੱਕ ਪਹੁੰਚਾਈਆਂ ਜਾ ਸਕਣ। ਉਹਨਾਂ ਘੋਸ਼ਣਾ ਕੀਤੀ ਕਿ ਨਰੇਗਾ ਯੋਜਨਾ ਤਹਿਤ 100 ਦਿਨ ਦੀ ਮਜ਼ਦੂਰੀ ਦੇ ਨਾਲ ਹੋਰ 50 ਦਿਨ ਵਧਾਏ ਜਾਣਗੇ ਅਤੇ ਜਿਨ੍ਹਾਂ ਦੇ ਘਰ ਹੜ੍ਹ ਵਿੱਚ ਢਹਿ ਗਏ ਹਨ, ਉਹਨਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵੇਂ ਘਰ ਮੁਹੱਈਆ ਕਰਵਾਏ ਜਾਣਗੇ।
ਉਹਨਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਨੇ ਤੁਰੰਤ ਰਾਹਤ ਵਜੋਂ 1600 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਜੇ ਭਵਿੱਖ ਵਿੱਚ ਹੋਰ ਲੋੜ ਪਈ ਤਾਂ ਵੀ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਪਾਸਵਾਨ ਨੇ ਜ਼ੋਰ ਦਿੰਦੇ ਕਿਹਾ ਕਿ ਮੋਦੀ ਸਰਕਾਰ ਦੇ ਸਾਰੇ ਮੰਤਰੀ ਪੰਜਾਬ ਦੇ ਲੋਕਾਂ ਦੇ ਨਾਲ ਖੜੇ ਹਨ ਅਤੇ ਕਿਸਾਨਾਂ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ।
Get all latest content delivered to your email a few times a month.