ਤਾਜਾ ਖਬਰਾਂ
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨਵੀਂ ਟੀਮ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਖਿਲਾਫ਼ ਕਰੇਗੀ ਲਾਮਬੰਦ- ਮਨੀਸ਼ ਸਿਸੋਦੀਆ
ਮਿਹਨਤੀ ਨੌਜਵਾਨਾਂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਖ਼ਤ ਮਿਹਨਤ ਦਾ ਫਲ ਮਿਲਿਆ ਹੈ : ਅਮਨ ਅਰੋੜਾ
ਚੰਡੀਗੜ੍ਹ, 14 ਸਤੰਬਰ, 2025-
ਪੰਜਾਬ ਦੀ ਜਵਾਨੀ ਨੂੰ ਸਮਾਜਿਕ ਅਤੇ ਸਿਆਸੀ ਤੌਰ 'ਤੇ ਮਜ਼ਬੂਤ ਕਰਨ ਦੇ ਦੋਹਰੇ ਉਦੇਸ਼ ਨਾਲ, ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਆਪਣੀ ਜਥੇਬੰਦਕ ਰਣਨੀਤੀ ਤਹਿਤ ਇੱਕ ਵੱਡਾ ਫੈਸਲਾ ਲੈਂਦਿਆਂ 'ਆਮ ਆਦਮੀ ਪਾਰਟੀ ਪੰਜਾਬ ਨਸ਼ਾ ਮੁਕਤੀ ਮੋਰਚਾ' ਅਤੇ ਆਪਣੇ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਪਾਰਟੀ ਦਾ ਇਹ ਕਦਮ ਇੱਕ ਪਾਸੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਇੱਕ ਸਿਹਤਮੰਦ ਭਵਿੱਖ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਅਤੇ ਦੂਜੇ ਪਾਸੇ ਉਨ੍ਹਾਂ ਨੂੰ ਸਿਆਸੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਪ੍ਰਦਾਨ ਕਰਦਾ ਹੈ।
ਇਸ ਮੌਕੇ 'ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਚੁਣੌਤੀ ਹੈ, ਜਿਸ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ। ਆਮ ਆਦਮੀ ਪਾਰਟੀ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਹ ਉਦੋਂ ਤੱਕ ਸੰਭਵ ਨਹੀਂ ਜਦੋਂ ਤੱਕ ਸਾਡਾ ਨੌਜਵਾਨ ਨਸ਼ਾ ਮੁਕਤ ਨਾ ਹੋਵੇ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨਵੀਂ ਟੀਮ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਲਾਹਨਤ ਖਿਲਾਫ਼ ਲਾਮਬੰਦ ਕਰੇਗੀ ਅਤੇ ਪਾਰਟੀ ਦੀ 'ਨਸ਼ਾ ਮੁਕਤ ਪੰਜਾਬ' ਮੁਹਿੰਮ ਨੂੰ ਸਫ਼ਲਤਾਪੂਰਵਕ ਅੱਗੇ ਵਧਾਏਗੀ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੀਂ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਦੇ ਮੋਢਿਆਂ 'ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਇੱਕ ਵੱਡੀ ਅਤੇ ਪਵਿੱਤਰ ਜ਼ਿੰਮੇਵਾਰੀ ਹੈ। ਪਾਰਟੀ ਨੇ ਤੁਹਾਡੇ ਸਾਰਿਆਂ 'ਤੇ ਭਰੋਸਾ ਜਤਾਇਆ ਹੈ ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਇਸ ਜ਼ਿੰਮੇਵਾਰੀ ਨੂੰ ਨਿਭਾਓਗੇ। ਸਾਡਾ ਟੀਚਾ ਸਿਰਫ਼ ਸਿਆਸੀ ਨਹੀਂ, ਸਗੋਂ ਇੱਕ ਸਮਾਜਿਕ ਬਦਲਾਅ ਲਿਆਉਣਾ ਹੈ, ਅਤੇ ਇਸ ਲਈ ਸਾਨੂੰ ਮਿਲ ਕੇ ਇਸ ਲੜਾਈ ਨੂੰ ਇੱਕ ਲੋਕ ਲਹਿਰ ਬਣਾਉਣਾ ਪਵੇਗਾ।
ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦ ਜਤਾਈ ਹੈ ਕਿ ਨਵ-ਨਿਯੁਕਤ ਟੀਮ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰੇਗੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਇੱਕ ਵੱਡੀ ਸਮਾਜਿਕ ਲਹਿਰ ਪੈਦਾ ਕਰੇਗੀ।
'ਆਪ' ਨੇ ਨੌਜਵਾਨਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਯੂਥ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਆਪਣੇ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਦਾ ਮੁੱਖ ਉਦੇਸ਼ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਸੂਬੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਤੱਕ ਜ਼ਮੀਨੀ ਪੱਧਰ 'ਤੇ ਪਹੁੰਚਾਉਣਾ ਹੈ। ਇਸ ਫੈਸਲੇ ਨੂੰ 2027 ਦੀਆਂ ਆਗਾਮੀ ਚੋਣਾਂ ਦੀ ਤਿਆਰੀ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਦੀ ਊਰਜਾ ਪਾਰਟੀ ਲਈ ਨਿਰਣਾਇਕ ਭੂਮਿਕਾ ਨਿਭਾਏਗੀ।
ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਨਿਯੁਕਤ ਕੀਤੇ ਗਏ ਸਾਰੇ ਯੂਥ ਵਿੰਗ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਮਿਹਨਤੀ ਨੌਜਵਾਨਾਂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਖ਼ਤ ਮਿਹਨਤ ਦਾ ਫਲ ਮਿਲਿਆ ਹੈ। ਉਕਤ ਆਗੂਆਂ ਨੇ ਉਮੀਦ ਜਤਾਈ ਕਿ ਇਹ ਨਵੀਂ ਟੀਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗੀ ਅਤੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰੇਗੀ। ਸਮੂਹ ਅਹੁਦੇਦਾਰਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਕੰਮ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
Get all latest content delivered to your email a few times a month.