ਤਾਜਾ ਖਬਰਾਂ
ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਕੰਟਰੈਕਟ ਤੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੇ ਹੱਕਾਂ ਲਈ ਵੱਡਾ ਰੋਸ਼ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਬੱਸ ਸਟੈਂਡ ਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਰੋਕ ਕੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਬੱਸ ਅੱਡੇ ਨੂੰ ਬੰਦ ਰੱਖਿਆ। ਇਸ ਦੌਰਾਨ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਗਈ ਅਤੇ ਕੋਈ ਵੀ ਬੱਸ ਬੱਸ ਸਟੈਂਡ ਵਿੱਚ ਦਾਖਲ ਨਹੀਂ ਹੋ ਸਕੀ, ਜਿਸ ਕਾਰਨ ਅੱਡਾ ਸੁੰਨਾ ਨਜ਼ਰ ਆਇਆ।
ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹਨਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਉਹਨਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਤਨਖਾਹਾਂ ਅਕਸਰ ਦੇਰੀ ਨਾਲ ਮਿਲਦੀਆਂ ਹਨ ਅਤੇ ਕਈ ਵਾਰ ਦੋ ਤੋਂ ਤਿੰਨ ਮਹੀਨਿਆਂ ਤੱਕ ਵੀ ਨਹੀਂ ਮਿਲਦੀਆਂ। ਮੁਲਾਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਉਹ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹਨ ਤਾਂ ਉਹਨਾਂ ਨੂੰ ਇਹ ਕਹਿ ਕੇ ਟਾਲ ਦਿੱਤਾ ਜਾਂਦਾ ਹੈ ਕਿ "ਫ਼ਰੀ ਯਾਤਰਾ ਸਕੀਮ" ਲਈ ਸਰਕਾਰ ਵੱਲੋਂ ਪੈਸੇ ਨਹੀਂ ਆਏ, ਜਿਸ ਕਰਕੇ ਤਨਖਾਹਾਂ ਰੁਕ ਜਾਂਦੀਆਂ ਹਨ।
ਮੁਲਾਜ਼ਮਾਂ ਨੇ ਦਾਅਵਾ ਕੀਤਾ ਕਿ ਸਿਰਫ਼ ਮੁਕਤਸਰ ਹੀ ਨਹੀਂ, ਸਗੋਂ ਪੂਰੇ ਪੰਜਾਬ ਦੇ ਬੱਸ ਅੱਡੇ ਅੱਜ ਦੋ ਘੰਟਿਆਂ ਲਈ ਬੰਦ ਕੀਤੇ ਗਏ ਹਨ। ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੱਲ ਨਾ ਕੱਢਿਆ ਤਾਂ ਉਹ ਵੱਡੇ ਪੱਧਰ ਤੇ ਤੇਜ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Get all latest content delivered to your email a few times a month.