ਤਾਜਾ ਖਬਰਾਂ
ਮਾਲੇਰਕੋਟਲਾ, 14 ਸਤੰਬਰ (ਭੁਪਿੰਦਰ ਗਿੱਲ) -ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥਣਾਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 06 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲੇਰਕੋਟਲਾ ਦੀ ਬਹੁ ਮੰਜਿਲਾ ਇਮਾਰਤ ਦਾ ਡੀ.ਪੀ.ਆਈ (ਸੈਕੰਡਰੀ) ਗੁਰਿੰਦਰ ਸਿੰਘ ਸੋਢੀ ਵਲੋਂ ਨਰੀਖਣ ਕੀਤਾ ਗਿਆ । ਇਸ ਮੌਕੇ ਸਬ-ਡਵੀਜ਼ਨਲ ਮੈਜਿਸਟਰੇਟ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਵਿੰਦਰ ਕੌਰ , ਡੀ.ਐਸ.ਪੀ. ਮਾਨਵਜੀਤ ਸਿੰਘ, ਐਸ.ਡੀ.ਓ ਬਲਪ੍ਰੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਅਧਿਕਾਰੀਆਂ ਵੱਲੋਂ ਨਵੀਂ ਇਮਾਰਤ ਦੀਆਂ ਸਾਰੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਹੀ ਇਸ ਇਮਾਰਤ ਨੂੰ ਸਕੂਲ ਪ੍ਰਸ਼ਾਸਨ ਦੇ ਸਪੁਰਦ ਕਰ ਦਿੱਤਾ ਜਾਵੇਗਾ ਤਾਂ ਜੋ ਵਿਦਿਆਰਥਣਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਕਲਾਸਰੂਮਾਂ ਵਿੱਚ ਪੜ੍ਹਾਈ ਦਾ ਮੌਕਾ ਮਿਲ ਸਕੇ।
ਡੀ.ਪੀ.ਆਈ. ਸਕੂਲ ਗੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਆਧੁਨਿਕ ਬਣਾਉਣ ਦੇ ਯਤਨ ਜਾਰੀ ਹਨ। ਨਵੀਆਂ ਇਮਾਰਤਾਂ, ਸਮਾਰਟ ਕਲਾਸਾਂ, ਡਿਜ਼ੀਟਲ ਲੈਬਾਂ ਅਤੇ ਖੇਡਾਂ ਦੀਆਂ ਸਹੂਲਤਾਂ ਨਾਲ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀਆਂ ਕੁੜੀਆਂ ਲਈ ਬਣ ਰਹੀ ਇਹ ਆਧੁਨਿਕ ਇਮਾਰਤ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗੀ।
ਸਬ ਡਵੀਜ਼ਨ ਮੈਜਿਸਟਰੇਟ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਪੱਧਰ ’ਤੇ ਸਕੂਲਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਦੀ ਨਵੀਂ ਇਮਾਰਤ ਨਾਲ ਇਲਾਕੇ ਦੀਆਂ ਸੈਂਕੜੇ ਵਿਦਿਆਰਥਣਾਂ ਨੂੰ ਲਾਭ ਹੋਵੇਗਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਚਰਨਜੀਤ ਵਾਤਿਸ਼ ਨੇ ਡੀ.ਪੀ.ਆਈ (ਸੈਕੰਡਰੀ) ਸ. ਗੁਰਿੰਦਰ ਸਿੰਘ ਸੋਢੀ ਅਤੇ ਹੋਰ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਨਵੀਂ ਇਮਾਰਤ ਮਿਲਣ ਨਾਲ ਸਕੂਲ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਦਾ ਲਾਭ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਲੈਕਚਰਾਰ ਮਧੂ ਜੈਨ, ਸਹਾਇਕ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਮੁਹੰਮਦ ਅਸਦ ਅਹਿਸਾਨ,, ਡੀ.ਐਮ. ਸਪੋਰਟਸ ਰਘੂਨੰਦਨ, ਮੁਹੰਮਦ ਫੈਸਲ, ਰਾਜਨ ਸਿੰਗਲਾ ਆਦਿ ਵੀ ਹਾਜ਼ਰ ਸਨ।
Get all latest content delivered to your email a few times a month.