ਤਾਜਾ ਖਬਰਾਂ
ਪੰਜਾਬ ਦੇ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਪੈਣ ਕਾਰਨ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਮੰਨਜ਼ੂਰ ਸ਼ੁਦਾ 2000 ਅਸਾਮੀਆਂ ਵਿੱਚੋਂ ਲਗਭਗ 1000 ਪ੍ਰਿੰਸੀਪਲਾਂ ਦੀਆਂ ਪੋਸਟਾਂ ਖਾਲੀ ਹਨ। ਮੌਜੂਦਾ ਹਾਲਾਤਾਂ ਵਿੱਚ ਇੱਕ ਪ੍ਰਿੰਸੀਪਲ ਨੂੰ ਕਈ-ਕਈ ਸਕੂਲਾਂ ਦਾ ਚਾਰਜ ਦੇ ਕੇ ਕੰਮ ਸਾਰਿਆ ਜਾ ਰਿਹਾ ਹੈ, ਜਿਸ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਪ੍ਰਬੰਧਕੀ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਰੇਸ਼ਮ ਸਿੰਘ ਖੇਮੂਆਣਾ ਅਤੇ ਜਸਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਸਰਕਾਰ ਨੂੰ 75% ਪ੍ਰਮੋਸ਼ਨ ਕੋਟੇ ਦੀਆਂ ਤਰੱਕੀਆਂ ਤੁਰੰਤ ਕਰਕੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ। ਨਾਲ ਹੀ, ਬਾਕੀ 25% ਸਿੱਧੀ ਭਰਤੀ ਦੇ ਕੋਟੇ ਲਈ ਪੀ.ਪੀ.ਐੱਸ.ਸੀ. ਰਾਹੀਂ ਤੁਰੰਤ ਇਸ਼ਤਿਹਾਰ ਜਾਰੀ ਕੀਤਾ ਜਾਵੇ। ਬਠਿੰਡਾ ਜ਼ਿਲ੍ਹੇ ਦੀ ਹਾਲਤ ਗੰਭੀਰ ਹੈ ਜਿੱਥੇ 129 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਵਿੱਚੋਂ 80 ਖਾਲੀ ਹਨ ਅਤੇ ਹੈਡਮਾਸਟਰਾਂ ਦੀਆਂ ਵੀ 40 ਪੋਸਟਾਂ ਖਾਲੀ ਪਈਆਂ ਹਨ। ਬੀਪੀਈਓ ਪੱਧਰ ’ਤੇ ਤਾਂ ਹਾਲਾਤ ਹੋਰ ਵੀ ਵਧੇਰੇ ਮਾੜੇ ਹਨ, ਜਿੱਥੇ 7 ਬਲਾਕਾਂ ਲਈ ਸਿਰਫ਼ ਇੱਕ ਹੀ ਅਧਿਕਾਰੀ ਮੌਜੂਦ ਹੈ।
ਫਰੰਟ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਮੰਗ ਕੀਤੀ ਕਿ ਸਕੂਲਾਂ ਦੇ ਸੁਧਾਰ ਲਈ ਲੰਮੇ ਸਮੇਂ ਤੋਂ ਲਟਕੀਆਂ ਤਰੱਕੀਆਂ ਵੀ ਕੀਤੀਆਂ ਜਾਣ। ਉਹਨਾਂ ਨੇ ਕਿਹਾ ਕਿ ਪ੍ਰਿੰਸੀਪਲਾਂ ਲਈ 75% ਪ੍ਰਮੋਸ਼ਨ ਕੋਟਾ ਨਿਰਧਾਰਤ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਤਰੱਕੀਆਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਜਥੇਬੰਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਪ੍ਰਮੋਸ਼ਨ ਅਤੇ ਸਿੱਧੀ ਭਰਤੀ ਦੇ ਕਦਮ ਤੁਰੰਤ ਚੁੱਕਣੇ ਲੋੜੀਂਦੇ ਹਨ, ਤਾਂ ਜੋ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਨੁਕਸਾਨ ਨਾ ਹੋਵੇ।
Get all latest content delivered to your email a few times a month.