ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜੇ ਪੁੱਜ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਜਲਦੀ ਖੁੱਲ੍ਹਣ ਅਤੇ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਥਿਤੀ ਤੋਂ ਉਭਰਣ ਅਤੇ ਸੰਗਤ ਦੇ ਚੜ੍ਹਦੀ ਕਲਾ ਵਿੱਚ ਰਹਿਣ ਲਈ ਵੀ ਅਰਦਾਸ ਕੀਤੀ।
ਇਸ ਤੋਂ ਪਹਿਲਾਂ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਹਾਜ਼ਰੀ ਦਿੱਤੀ।
ਉਪਰੰਤ, ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਅਤੇ ਗੁਰੂ ਸਾਹਿਬ ਦੇ ਸਨਮੁਖ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਅਰਦਾਸ ਕੀਤੀ। ਉਨ੍ਹਾਂ ਨੇ ਅਰਦਾਸ ਕਰਦਿਆਂ ਪ੍ਰਾਰਥਨਾ ਕੀਤੀ ਕਿ ਜਲਦੀ ਇਹ ਲਾਂਘਾ ਖੁਲ੍ਹੇ ਤਾਂ ਜੋ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰ ਸਕਣ, ਸੇਵਾ ਸੰਭਾਲ ਕਰ ਸਕਣ ਅਤੇ ਆਉਣ-ਜਾਣ ਸੁਗਮ ਹੋਵੇ।
ਜਥੇਦਾਰ ਨੇ ਇਹ ਵੀ ਪ੍ਰਗਟ ਕੀਤਾ ਕਿ ਅੱਜ ਦੇ ਦਿਨ, ਜੋਤੀ-ਜੋਤਿ ਦਿਵਸ ਮੌਕੇ, ਸਿੱਖ ਸੰਗਤ ਦੀ ਮਨੋਭਾਵਨਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਗਟ ਹੁੰਦੀ ਹੈ, ਪਰ ਹਾਲਾਤ ਦੇ ਮੱਦੇਨਜ਼ਰ ਪੰਜਾਬ ਵਾਸੀ ਸਿੱਖ ਸੰਗਤ ਦਰਸ਼ਨਾਂ ਤੋਂ ਵਾਂਝੀ ਹੈ। ਇਸ ਸਬੰਧੀ ਜਥੇਦਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਅਰਦਾਸ ਕਰਕੇ ਸਿੱਖ ਜਥੇ ਲਈ ਸੁਵਿਧਾ ਤੇ ਚੜ੍ਹਦੀ ਕਲਾ ਵਿੱਚ ਰਹਿਣ ਦੀ ਮੰਗ ਕੀਤੀ।
Get all latest content delivered to your email a few times a month.