ਤਾਜਾ ਖਬਰਾਂ
ਚੰਡੀਗੜ੍ਹ, 18 ਸਤੰਬਰ- ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਮੁੜ ਤੋਂ ਵਸਾਉਣ ਲਈ ਚੱਲ ਰਹੇ ਸਰਕਾਰੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇੱਕ ਅਹਿਮ ਵੀਡੀਓ ਕਾਨਫਰੰਸ ਮੀਟਿੰਗ ਕੀਤੀ। ਇਹ ਮੀਟਿੰਗ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਸਮੁੱਚੇ 'ਆਪ' ਸੰਗਠਨ ਨੇ ਵੀ ਹਿੱਸਾ ਲਿਆ।
ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਚੜ੍ਹਦੀਕਲਾ' ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਸਾਰੇ 'ਆਪ' ਵਰਕਰਾਂ ਅਤੇ ਆਗੂਆਂ ਨੂੰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਨ ਅਤੇ ਖੁੱਲ੍ਹੇ ਦਿਲ ਨਾਲ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਆ, ਖਾਸ ਕਰਕੇ ਪ੍ਰਵਾਸੀ ਭਾਰਤੀਆਂ (ਐਨਆਰਆਈ) ਨੂੰ ਪੰਜਾਬ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ।
ਇਸ ਮੌਕੇ 'ਤੇ ਅਰਵਿੰਦ ਕੇਜਰੀਵਾਲ ਨੇ ਇਹ ਯਕੀਨੀ ਬਣਾਇਆ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਕਿਹਾ ਕਿ ਇਸ ਮਿਸ਼ਨ ਦੀ ਸਫ਼ਲਤਾ ਲਈ ਪਾਰਟੀ ਦੇ ਹਰ ਮੈਂਬਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਮੀਟਿੰਗ ਪੰਜਾਬ ਸਰਕਾਰ ਦੀ ਹੜ੍ਹ ਪ੍ਰਭਾਵਿਤ ਖੇਤਰਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਤੁਰੰਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
Get all latest content delivered to your email a few times a month.