ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਘੋਸ਼ਣਾ ਕੀਤੀ ਹੈ ਕਿ 20 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ "ਚੌਂਕੀਆਂ ਲਾਉਣ" ਵਰਗੇ ਸ਼ਬਦਾਂ ਨਾਲ ਸੰਬੋਧਿਤ ਕਰਨਾ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਂਦਾ ਹੈ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਜਦੋਂ ਤੋਂ ਸਿਆਸਤ ਵਿੱਚ ਆਏ ਹਨ, ਔਰਤਾਂ ਬਾਰੇ ਅਪਮਾਨਜਨਕ ਤੇ ਭੱਦੇ ਟਿੱਪਣੀਆਂ ਕਰਦੇ ਆ ਰਹੇ ਹਨ, ਜੋ ਮੁੱਖ ਮੰਤਰੀ ਦੇ ਅਹੁਦੇ ਦੀ ਗਰਿਮਾ ਨੂੰ ਘਟਾਉਂਦੀਆਂ ਹਨ। ਹੁਣ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਮੁੱਖ ਮੰਤਰੀ ਹਨ, ਇਸ ਲਈ ਉਨ੍ਹਾਂ ਦੀ ਜਵਾਬਦੇਹੀ ਹੈ ਕਿ ਲੋਕਾਂ ਦੀ ਭਲਾਈ ਲਈ ਕੀ ਕੰਮ ਹੋਏ ਹਨ, ਖ਼ਾਸ ਕਰਕੇ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਉਨ੍ਹਾਂ ਵੱਲੋਂ ਕੀ ਰਾਹਤ ਪ੍ਰਦਾਨ ਕੀਤੀ ਗਈ ਹੈ।
ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਹਕੀਕਤ ਵਿੱਚ ਲੋਕਾਂ ਦੇ ਮਕਾਨ ਢਹਿ ਗਏ, ਪਸ਼ੂਆਂ ਦੀ ਮੌਤ ਹੋ ਗਈ ਅਤੇ ਫ਼ਸਲਾਂ ਬਰਬਾਦ ਹੋ ਗਈਆਂ ਪਰ ਸੀਐਮ ਹੱਸ-ਮਜ਼ਾਕ ਤੇ ਚੁਟਕਲੇ ਨਾਲ ਸਮਾਂ ਗੁਜਾਰ ਰਹੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਚੋਣਾਂ ਦੌਰਾਨ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਚਾਰ ਸਾਲ ਲੰਘ ਗਏ, ਉਸਦਾ ਕੋਈ ਨਿਭਾਅ ਨਹੀਂ ਕੀਤਾ ਗਿਆ। ਇਸਦੇ ਉਲਟ ਗਰੀਬਾਂ ਲਈ ਕਣਕ-ਦਾਲ ਅਤੇ ਸ਼ਗਨ ਸਕੀਮਾਂ ਵੀ ਰੋਕ ਦਿੱਤੀਆਂ ਗਈਆਂ ਹਨ।
ਇਸੇ ਲਈ ਅਕਾਲੀ ਦਲ ਦੀ ਇਸਤਰੀ ਵਿੰਗ ਨੇ ਫੈਸਲਾ ਲਿਆ ਹੈ ਕਿ ਮੁੱਖ ਮੰਤਰੀ ਦੇ ਘਰ ਅੱਗੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਵੇਗਾ, ਜਿਸ ਵਿੱਚ ਬੀਬੀਆਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੀਆਂ।
Get all latest content delivered to your email a few times a month.