ਤਾਜਾ ਖਬਰਾਂ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਸ਼ੁਰੂ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ਼ ਦੇ ਕਈ ਸੂਬਿਆਂ ਵਿਚੋਂ ਹੁੰਦਾ ਹੋਇਆ ਮੁੰਬਈ ਪਹੁੰਚਿਆ। ਇਸ ਮੌਕੇ ਧਾਰਮਿਕ ਜੋਸ਼ ਅਤੇ ਭਾਵਨਾਤਮਕ ਵਾਤਾਵਰਣ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਹਾਜ਼ਰੀ ਭਰੀ।
ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਤੋਂ ਅਗਲੇ ਪੜਾਅ ਵੱਲ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੋਏ ਧਾਰਮਿਕ ਦੀਵਾਨ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੰਬਈ ਦੀਆਂ ਸੰਗਤਾਂ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸਕ ਸ਼ਤਾਬਦੀ ਸਮਾਗਮ ਸਿੱਖ ਕੌਮ ਵਿੱਚ ਏਕਤਾ ਤੇ ਇਤਫਾਕ ਨੂੰ ਮਜਬੂਤ ਕਰਨ ਦਾ ਸਾਧਨ ਹਨ ਅਤੇ ਹਰ ਸਿੱਖ ਦਾ ਫਰਜ ਹੈ ਕਿ ਉਹ ਅਜਿਹੇ ਮੌਕਿਆਂ ਤੇ ਭਾਗੀ ਬਣ ਕੇ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਏ।
ਧਾਮੀ ਨੇ ਕਿਹਾ ਕਿ ਦੇਸ਼ ਦੇ ਵੱਡੇ ਮਹਾਂਨਗਰਾਂ ਵਿੱਚ ਸਿੱਖੀ ਦਾ ਬੋਲਬਾਲਾ ਸਿੱਖ ਕੌਮ ਲਈ ਮਾਣ ਦੀ ਗੱਲ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਾਣੀ ਅਤੇ ਬਾਣੇ ਵਾਲਾ ਜੀਵਨ ਜੀਊਣ ਦੀ ਪ੍ਰੇਰਣਾ ਦਿੱਤੀ।
ਐਡਵੋਕੇਟ ਧਾਮੀ ਨੇ ਮਾਟੁੰਗਾ ਵਿਖੇ ਸਥਿਤ ਗੁਰੂ ਨਾਨਕ ਖਾਲਸਾ ਕਾਲਜ ਬਾਰੇ ਕਿਹਾ ਕਿ ਇਹ ਸਿੱਖ ਕੌਮ ਦੀ ਪ੍ਰਾਚੀਨ ਸਿੱਖਿਆ ਸੰਸਥਾ ਹੈ, ਜਿਸ ਨੂੰ ਸਾਡੇ ਪੁਰਖਿਆਂ ਨੇ ਵੱਡੀ ਨਿਸ਼ਠਾ ਨਾਲ ਸਥਾਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸ. ਗੁਰਿੰਦਰ ਸਿੰਘ ਬਾਵਾ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾਪੂਰਵਕ ਚੱਲ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਲਜ ਨੂੰ ਭਵਿੱਖ ਵਿੱਚ ਯੂਨੀਵਰਸਿਟੀ ਦਾ ਦਰਜਾ ਦਿਵਾਉਣ ਲਈ ਯਤਨ ਕੀਤੇ ਜਾਣਗੇ। ਇਸੇ ਦੌਰਾਨ ਉਨ੍ਹਾਂ ਨੇ ਮੁੰਬਈ ਵਿੱਚ ਕੀਤੇ ਉਤਕ੍ਰਿਸ਼ਟ ਪ੍ਰਬੰਧਾਂ ਲਈ ਸ. ਗੁਰਿੰਦਰ ਸਿੰਘ ਬਾਵਾ, ਸ. ਜਸਬੀਰ ਸਿੰਘ ਧਾਮ ਅਤੇ ਸ. ਰਾਮ ਸਿੰਘ ਮੁੰਬਈ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸ਼ਹੀਦੀ ਨਗਰ ਕੀਰਤਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਸੰਦੇਸ਼ ਨੂੰ ਪੂਰੇ ਦੇਸ਼ ਵਿੱਚ ਪਹੁੰਚਾਉਣ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਇਤਿਹਾਸ ਵਿੱਚ ਸਦਾ ਯਾਦਗਾਰ ਰਹੇਗਾ।
ਉਨ੍ਹਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਅਦਾਲਤ ਦੇ ਫੈਸਲੇ ਨੂੰ ਹਜੂਰੀ ਸਿੱਖਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਪੰਜੇ ਤਖਤ ਸਿੱਖ ਪੰਥ ਦੇ ਹਨ ਅਤੇ ਇਨ੍ਹਾਂ ਦੇ ਪ੍ਰਬੰਧਾਂ ਵਿੱਚ ਕਿਸੇ ਹੋਰ ਪੱਖ ਨੂੰ ਦਖ਼ਲ ਦਾ ਅਧਿਕਾਰ ਨਹੀਂ। ਉਨ੍ਹਾਂ ਅਪੀਲ ਕੀਤੀ ਕਿ ਸੰਗਤਾਂ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਪੰਥਕ ਏਕਤਾ ਦਾ ਪ੍ਰਦਰਸ਼ਨ ਕਰਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਪਤੀ ‘ਤੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਾਜ਼ਰ ਰਹੇ - ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ, ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਬੰਡਾਲਾ, ਮਰਜੀਤ ਸਿੰਘ ਭਲਾਈਪੁਰ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਦਿਆਲ ਸਿੰਘ, ਜਸਬੀਰ ਸਿੰਘ ਧਾਮ, ਰਾਮ ਸਿੰਘ ਮੁੰਬਈ, ਤਖਤ ਸ੍ਰੀ ਪਟਨਾ ਸਾਹਿਬ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਇੰਚਾਰਜ ਮਲਕੀਤ ਸਿੰਘ, ਯੁਵਰਾਜ ਸਿੰਘ, ਪ੍ਰਭਜੋਤ ਸਿੰਘ, ਭਾਈ ਜਗਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਸੁਖਜੀਤ ਸਿੰਘ ਘਣੱਈਆ, ਹਰਮੀਤ ਸਿੰਘ ਸਲੂਜਾ, ਰਵਿੰਦਰ ਸਿੰਘ, ਪਰਮਜੋਤ ਸਿੰਘ, ਬੀਬੀ ਪਰਵਿੰਦਰ ਕੌਰ, ਬੀਬੀ ਜਸਬੀਰ ਕੌਰ ਅਤੇ ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਸੰਗਤਾਂ ਸ਼ਾਮਲ ਸਨ।
Get all latest content delivered to your email a few times a month.