ਤਾਜਾ ਖਬਰਾਂ
ਚੰਡੀਗੜ੍ਹ, 11 ਅਕਤੂਬਰ:
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ - ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ ਦੇ ਫਰੀਦਕੋਟ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ।
ਫਰੀਦਕੋਟ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਾਲਵਾ ਖੇਤਰ ਤੋਂ ਦੋ ਨਗਰ ਕੀਰਤਨ ਸਜਾਏ ਜਾਣਗੇ। ਇੱਕ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਵੇਗਾ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਨੂੰ ਕਵਰ ਕਰੇਗਾ, ਜਦੋਂਕਿ ਦੂਜਾ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਰਸਤੇ ਵਿੱਚ ਮੁੱਖ ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਇਹ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।
ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਤੋਂ 18 ਨਵੰਬਰ ਤੱਕ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 9ਵੇਂ ਪਾਤਸ਼ਾਹ ਦੇ ਜੀਵਨ ਅਤੇ ਉਨ੍ਹਾਂ ਦੇ ਪੈਰੋਕਾਰਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ 'ਚਰਨ ਛੋਹ' ਪ੍ਰਾਪਤ 130 ਪਵਿੱਤਰ ਸਥਾਨਾਂ 'ਤੇ ਕੀਰਤਨ ਦਰਬਾਰ ਸਜਾਏ ਜਾਣਗੇ।
ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਰਧਾਂਜਲੀ ਭੇਟ ਕਰਨ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਸ ਸਹਾਇਤਾ ਸਮੇਤ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੇ ਹਾਂ ਤਾਂ ਜੋ ਇਹਨਾਂ ਸਮਾਗਮਾਂ ਦੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਇਆ ਜਾ ਸਕੇ। ਅਸੀਂ ਇਸ ਇਤਿਹਾਸਕ ਮੌਕੇ ਲਈ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ, ਸਥਾਨਕ ਵਿਧਾਇਕਾਂ ਅਤੇ ਪ੍ਰਮੁੱਖ ਧਾਰਮਿਕ ਆਗੂਆਂ ਨਾਲ ਤਾਲਮੇਲ ਕਰ ਰਹੇ ਹਾਂ।"
ਸ. ਬੈਂਸ ਨੇ ਕਿਹਾ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਮੁੱਖ ਧਾਰਮਿਕ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣਗੇ, ਜਿਸ ਵਿੱਚ ਵਿਸ਼ਵ ਭਰ ਤੋਂ 1 ਕਰੋੜ ਤੋਂ ਵੱਧ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਹੁੰਚਣ ਵਾਲੀਆਂ ਸੰਗਤਾਂ ਲਈ ਟੈਂਟ ਸਿਟੀ "ਚੱਕ ਨਾਨਕੀ" ਸਥਾਪਤ ਕੀਤੀ ਜਾਵੇਗੀ ਜਿਸ ਵਿੱਚ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤਾਂ ਦੇ ਠਹਿਰਣ ਦੀ ਵਿਵਸਥਾ ਕੀਤੀ ਜਾਵੇਗੀ।
ਲੋਕਾਂ ਨੂੰ ਇਤਿਹਾਸਕ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਲੋਕਾਂ ਨੂੰ ਧਰਮ ਨਿਰਪੱਖਤਾ, ਦਇਆ ਅਤੇ ਮਾਨਵਤਾਵਾਦ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰੇਗਾ। ਧਾਰਮਿਕ ਦੀ ਰਾਖੀ ਲਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਾਰਿਆਂ ਨੂੰ ਪਵਿੱਤਰ ਮਾਨਤਾਵਾਂ ਦਾ ਸਤਿਕਾਰ ਕਰਦਿਆਂ ਧਰਮ ਪ੍ਰਤੀ ਦ੍ਰਿੜ ਰਹਿਣ ਦਾ ਸਦੀਵੀ ਸੰਦੇਸ਼ ਦਿੰਦੀ ਹੈ।
ਇਸ ਦੌਰਾਨ, ਕੈਬਨਿਟ ਮੰਤਰੀਆਂ ਨੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੂੰ 31 ਅਕਤੂਬਰ ਤੱਕ ਕੌਮੀ ਰਾਜਮਾਰਗ ਦੀ ਸਰਵਿਸ ਲੇਨ ਨੂੰ ਅਪਗ੍ਰੇਡ ਕਰਨ ਅਤੇ ਟ੍ਰੈਫਿਕ ਲਾਈਟਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Get all latest content delivered to your email a few times a month.