ਤਾਜਾ ਖਬਰਾਂ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ 'ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਖੁੱਡੀਆਂ ਨੇ ਦੱਸਿਆ ਕਿ ਸਥਾਨਕ ਮਾਰਕਫੈੱਡ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 318(4) ਅਤੇ 61(2) ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 7 ਤਹਿਤ ਕੋਟਕਪੂਰਾ ਦੇ ਪਿੰਡ ਹਰੀ ਨੌ ਸਥਿਤ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਨੰਬਰ 0184 ਦਰਜ ਕੀਤੀ ਗਈ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਝੋਨੇ ਨਾਲ ਭਰੇ ਰਾਜਸਥਾਨ ਦੇ ਰਜਿਸਟਰੇਸ਼ਨ ਨੰਬਰ ਵਾਲੇ ਚਾਰ ਟਰੈਕਟਰ-ਟਰਾਲੀਆਂ ਵੀ ਬਰਾਮਦ ਕੀਤੀਆਂ ਹਨ।
ਇਸ ਘਟਨਾ ਦੇ ਮੱਦੇਨਜ਼ਰ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਮਿਲ ਕੇ ਜ਼ਿਲ੍ਹਾ ਮੰਡੀ ਅਫ਼ਸਰਾਂ (ਡੀ.ਐਮ.ਓਜ਼.) ਅਤੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓ.) ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੂਬੇ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਨਹੀਂ ਵਿਕਣਾ ਚਾਹੀਦਾ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਮਾਰਕੀਟ ਢਾਂਚੇ ਦੀ ਰੱਖਿਆ ਅਤੇ ਸਥਾਨਕ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਵਿੱਚ ਹੋਰ ਸੂਬਿਆਂ ਦੇ ਝੋਨੇ ਦੀ ਵਿਕਰੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦਾ ਰੁਖ ਅਪਣਾਇਆ ਗਿਆ ਹੈ।
ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮਾਰਕੀਟ ਕਮੇਟੀ ਸਕੱਤਰਾਂ ਅਤੇ ਡੀ.ਐਮ.ਓਜ਼ ਨੂੰ ਆਦੇਸ਼ ਦਿੱਤੇ ਕਿ ਉਹ ਸ਼ੈਲਰਾਂ ਨੂੰ ਝੋਨਾ ਭੇਜਣ ਤੋਂ ਪਹਿਲਾਂ ਪੀ.ਏ.ਯੂ.-ਕੈਲੀਬਰੇਟਿਡ ਨਮੀ-ਮਾਪਕ ਮੀਟਰਾਂ ਦੀ ਵਰਤੋਂ ਕਰਕੇ ਨਮੀ ਦੀ ਜਾਂਚ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਲਈ ਵਾਜ਼ਬ ਕੀਮਤ ਯਕੀਨੀ ਬਣਾਈ ਜਾ ਸਕੇ ਅਤੇ ਪੰਜਾਬ ਦੇ ਅਨਾਜ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ, ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਕਿਹਾ।
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੋਰ ਸੂਬਿਆਂ ਤੋਂ ਝੋਨੇ ਦੀ ਅਣਅਧਿਕਾਰਤ ਢੋਆ-ਢੁਆਈ ਤੋਂ ਬਚਾਅ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ।
Get all latest content delivered to your email a few times a month.