ਤਾਜਾ ਖਬਰਾਂ
ਚੰਡੀਗੜ੍ਹ, 13 ਅਕਤੂਬਰ- ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ਅਤੇ 76-100 ਫੀਸਦੀ ਤੱਕ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ। ਇਸ ਤੋਂ ਇਲਾਵਾ ਘਰਾਂ ਨੂੰ ਅੰਸ਼ਕ ਤੌਰ ਉਤੇ ਹੋਏ ਨੁਕਸਾਨ ਲਈ ਪ੍ਰਤੀ ਘਰ 40,000 ਰੁਪਏ ਦਿੱਤੇ ਜਾਣਗੇ ਜਦਕਿ ਪਹਿਲਾਂ ਇਹ ਰਾਸ਼ੀ ਸਿਰਫ 6500 ਰੁਪਏ ਪ੍ਰਤੀ ਏਕੜ ਸੀ। ਭਾਰਤ ਸਰਕਾਰ ਵੱਲੋਂ ਐਸ.ਡੀ.ਆਰ.ਐਫ. ਵਿੱਚੋਂ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਇਸ ਕਰਕੇ ਮੁਆਵਜ਼ੇ ਦੀ ਵਾਧੂ ਰਾਸ਼ੀ ਸੂਬਾ ਸਰਕਾਰ ਵੱਲੋਂ ਆਪਣੇ ਖਜ਼ਾਨੇ ਵਿੱਚੋਂ ਅਦਾ ਕੀਤੀ ਜਾਵੇਗੀ।
*ਪੰਜਾਬ ਮਾਈਨਰ ਮਿਨਰਲ ਰੂਲਜ਼-2013 ਵਿੱਚ ਸੋਧ ਨੂੰ ਪ੍ਰਵਾਨਗੀ*
ਅੰਤਰਰਾਜੀ ਚੈੱਕਪੋਸਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਵਿੱਚ ਦਾਖਲ ਹੋਣ ਸਮੇਂ ਪ੍ਰੋਸੈਸਡ ਜਾਂ ਅਣਪ੍ਰੋਸੈਸਡ ਛੋਟੇ ਖਣਿਜ ਪਦਾਰਥ (ਮਾਈਨਰ ਮਿਨਰਲਜ਼) ਲਿਜਾਣ ਵਾਲੇ ਵਾਹਨਾਂ 'ਤੇ ਫੀਸ ਲਾਈ ਜਾ ਸਕੇਗੀ। ਇਸ ਨਾਲ ਵਿਭਾਗ ਦੁਆਰਾ ਅੰਤਰਰਾਜੀ ਚੈੱਕਪੋਸਟਾਂ 'ਤੇ ਕੀਤੀ ਜਾ ਰਹੀ ਸੰਚਾਲਨ ਲਾਗਤ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਨ੍ਹਾਂ ਚੈੱਕਪੋਸਟਾਂ ਦੇ ਸਿਸਟਮ ਨੂੰ ਹੋਰ ਮਜ਼ਬੂਤ ਤੇ ਅਸਰਦਾਰ ਬਣਾਉਣ ਵਿੱਚ ਵੀ ਮਦਦ ਮਿਲੇਗੀ ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਰੱਖ-ਰਖਾਅ ਵਿੱਚ ਮਦਦ ਮਿਲੇਗੀ।
*ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਲਈ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ*
ਵਿਕਾਸ ਅਥਾਰਟੀਆਂ ਦੀਆਂ ਵੱਖ-ਵੱਖ ਥਾਵਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਖਾਲਾ ਬਣਾਉਣ ਲਈ ਮੰਤਰੀ ਮੰਡਲ ਨੇ ਪਲਾਟਾਂ ਦੀ ਰਾਖਵੀਂ ਕੀਮਤ ਤੈਅ ਕਰਨ ਲਈ ਨੀਤੀ ਵਿੱਚ ਸੋਧ ਨੂੰ ਵੀ ਸਹਿਮਤੀ ਦੇ ਦਿੱਤੀ। ਪ੍ਰਚਲਿਤ ਈ-ਨਿਲਾਮੀ ਨੀਤੀ ਵਿੱਚ ਸੋਧ ਦੇ ਅਨੁਸਾਰ ਸਾਈਟ ਦੀ ਰਾਖਵੀਂ ਕੀਮਤ ਕੌਮੀ ਬੈਂਕਾਂ ਵਿੱਚ ਸੂਚੀਬੱਧ ਤਿੰਨ ਸੁਤੰਤਰ ਮੁੱਲਕਾਰਾਂ (ਵੈਲੂਅਰਜ਼) ਦੇ ਮੁਲਾਂਕਣ ਦੇ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ। ਇਕ ਵਾਰ ਨਿਲਾਮੀ ਲਈ ਨਿਰਧਾਰਤ ਕੀਤੀ ਗਈ ਰਾਖਵੀਂ ਕੀਮਤ ਕੈਲੰਡਰ ਸਾਲ ਲਈ ਯੋਗ ਰਹੇਗੀ।
*ਕੋਆਪ੍ਰੇਟਿਵ ਸੁਸਾਇਟੀਆਂ ਲਈ ਜਗ੍ਹਾ ਅਲਾਟ ਕਰਨ ਬਾਰੇ ਨੀਤੀ ਮਨਜ਼ੂਰ*
ਮੰਤਰੀ ਮੰਡਲ ਨੇ ਗਰੁੱਪ ਹਾਊਸਿੰਗ ਸਕੀਮ-2025 ਅਧੀਨ ਬਹੁ-ਮੰਜ਼ਿਲਾ ਫਲੈਟਾਂ ਦੀ ਉਸਾਰੀ ਲਈ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਜਗ੍ਹਾ ਅਲਾਟ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੀ ਸਹੂਲਤ ਦੇ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਕਿਫਾਇਤੀ ਅਤੇ ਯੋਜਨਾਬੱਧ ਰਿਹਾਇਸ਼ ਨੂੰ ਯਕੀਨੀ ਬਣਾਉਣਾ ਹੈ। ਇਹ ਫੈਸਲਾ ਜ਼ਮੀਨ ਦੀ ਅਲਾਟਮੈਂਟ ਲਈ ਪਾਰਦਰਸ਼ੀ, ਨਿਰਪੱਖ ਅਤੇ ਢਾਂਚਾਗਤ ਢਾਂਚਾ ਪਹੁੰਚ ਪ੍ਰਦਾਨ ਕਰਦਾ ਹੈ, ਜਿਸ ਨਾਲ ਸੂਬੇ ਦੇ ਸ਼ਹਿਰੀ ਯੋਜਨਾਬੰਦੀ ਟੀਚਿਆਂ ਦੇ ਅਨੁਸਾਰ ਸਮੇਂ-ਸਿਰ ਉਸਾਰੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
*ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਨੀਤੀ ਨੂੰ ਮਨਜ਼ੂਰੀ*
ਪ੍ਰਮੋਟਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਾਜੈਕਟ ਦੇ ਵਿਕਾਸ ਸਬੰਧੀ ਲਾਗੂਕਰਨ ਦੀ ਮਿਆਦ ਅਤੇ ਪਹਿਲਾਂ ਤੋਂ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਮਿਤੀ 31 ਦਸੰਬਰ, 2025 ਤੋਂ ਵੱਧ ਤੋਂ ਵੱਧ ਪੰਜ ਸਾਲਾਂ ਦੀ ਮਿਆਦ ਲਈ ਪ੍ਰਮੋਟਰ ਦੀ ਬੇਨਤੀ 'ਤੇ 25,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੇ ਹਿਸਾਬ ਨਾਲ ਸਿਰਫ਼ ਇਕ ਵਾਰ ਵਾਧੇ ਦੀ ਆਗਿਆ ਦਿੱਤੀ ਜਾਵੇਗੀ। ਲਾਗੂਕਰਨ ਦੀ ਮਿਆਦ ‘ਚ ਵਾਧੇ ਲਈ ਦਿੱਤੀ ਗਈ ਮਨਜ਼ੂਰੀ ਸਬੰਧੀ ਭੁਗਤਾਨ ਪਹਿਲਾਂ ਹੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਇਸ ਤੋਂ ਬਾਅਦ ਲਾਗੂਕਰਨ ਦੀ ਮਿਆਦ ਵਿੱਚ ਕਿਸੇ ਵੀ ਵਾਧੇ ਦੀ ਇਜਾਜ਼ਤ ਨਹੀਂ ਹੋਵੇਗੀ।
*ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓਐਸਡੀ (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਦੀ ਪ੍ਰਵਾਨਗੀ*
ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓ.ਐਸ.ਡੀ. (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 13 ਅਸਥਾਈ ਅਸਾਮੀਆਂ ਸਿਰਜੀਆਂ ਗਈਆਂ ਹਨ ਅਤੇ ਸਾਲ 2020 ਵਿੱਚ ਉਨ੍ਹਾਂ ਦੀ ਰਿਟੇਨਰਸ਼ਿਪ ਫੀਸ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਸੀ। ਹੁਣ ਓ.ਐਸ.ਡੀ. (ਲਿਟੀਗੇਸ਼ਨ) ਦੀ ਨਿਸ਼ਚਤ ਤਨਖਾਹ/ਰਿਟੇਨਰਸ਼ਿਪ ਫੀਸ 10,000 ਰੁਪਏ ਤੱਕ ਵਧਾ ਦਿੱਤੀ ਗਈ ਹੈ।
*ਕੈਬਨਿਟ ਸਬ ਕਮੇਟੀ ਦੇ ਗਠਨ ਲਈ ਕਾਰਜ-ਬਾਅਦ ਪ੍ਰਵਾਨਗੀ*
ਮੰਤਰੀ ਮੰਡਲ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਦੀਆਂ ਰੋਲਿੰਗ ਮਿੱਲਾਂ ਨੂੰ ਕੋਲੇ ਤੋਂ ਪੀ.ਐਨ.ਜੀ. ਵਿੱਚ ਤਬਦੀਲ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
*ਲੀਕਮਿਊਨੀਕੇਸ਼ਨਜ਼ ਰੂਲਜ਼ ਨੂੰ ਲਾਗੂ ਕਰਨ ਦੀ ਮਨਜ਼ੂਰੀ*
ਮੰਤਰੀ ਮੰਡਲ ਨੇ ਸੂਬੇ ਵਿੱਚ ਟੈਲੀਕਮਿਊਨੀਕੇਸ਼ਨਜ਼ (ਰਾਈਟ ਆਫ ਵੇਅ) ਰੂਲਜ਼-2024 ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
*ਜੇਲ੍ਹਾਂ ਵਿੱਚ ਚੌਕਸੀ ਵਧਾਉਣ ਦੇ ਫੈਸਲੇ ਨੂੰ ਪ੍ਰਵਾਨਗੀ*
ਅਪਰਾਧਿਕ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਮੁਲਾਕਾਤੀਆਂ ਦੀ ਤਲਾਸ਼ੀ ਦਾ ਪੱਧਰ ਵਧਾਉਣ ਅਤੇ ਜੇਲ੍ਹਾਂ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਟਰਾਂਸਪੇਰੈਂਸੀ ਇਨ ਪ੍ਰੌਕਿਊਰਮੈਂਟ ਐਕਟ, 2019 ਦੀ ਧਾਰਾ 63(1) ਦੇ ਤਹਿਤ ਸਨਿਫਰ ਕੁੱਤੇ ਖਰੀਦਣ ਲਈ ਛੋਟ ਦਿੱਤੀ ਹੈ। ਜੇਲ੍ਹਾਂ ਦੇ ਅੰਦਰੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਾਸਤੇ ਜੇਲ੍ਹਾਂ ਦੀਆਂ ਸੁਰੱਖਿਆ ਜ਼ਰੂਰਤਾਂ ਲਈ ਬੀ.ਐਸ.ਐਫ./ਸੀ.ਆਰ.ਪੀ.ਐਫ. ਤੋਂ ਛੇ ਸਨਿਫਰ ਕੁੱਤੇ ਖਰੀਦੇ ਜਾਣਗੇ। ਇਹ ਕਦਮ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਜੇਲ੍ਹਾਂ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰੇਗਾ।
Get all latest content delivered to your email a few times a month.