ਤਾਜਾ ਖਬਰਾਂ
ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਆਪਣੇ ਹੱਕਾਂ ਦੀ ਲੜਾਈ ਲਗਾਤਾਰ ਚਲਾ ਰਹੇ ਹਨ। ਕੱਚੇ ਮੁਲਾਜ਼ਮਾਂ ਨੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੀ ਅਗਵਾਈ ਹੇਠ ਅੱਜ ਸੂਬੇ ਭਰ ਦੇ ਬੱਸ ਅੱਡਿਆਂ ਨੂੰ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਹੜਤਾਲ 12 ਵਜੇ ਤੋਂ 2 ਵਜੇ ਤੱਕ ਚੱਲੀ, ਜਿਸਦਾ ਮੁੱਖ ਉਦੇਸ਼ ਕਿਲੋਮੀਟਰ ਸਕੀਮ ਬੱਸਾਂ ਦੇ ਨਵੇਂ ਟੈਂਡਰ ਖੋਲ੍ਹੇ ਜਾਣ ਦੇ ਵਿਰੋਧ ਵਿੱਚ ਆਪਣਾ ਰੋਸ ਦਰਸਾਉਣਾ ਸੀ।
ਇਸ ਹੜਤਾਲ ਦੇ ਬਾਅਦ, ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਧਰਨੇ ਨੂੰ 23 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ। ਇਹ ਫੈਸਲਾ ਪ੍ਰਦਰਸ਼ਨਕਾਰੀਆਂ ਅਤੇ ਪ੍ਰਸ਼ਾਸਨ ਵਿੱਚ ਕਈ ਦੌਰ ਦੀਆਂ ਗੱਲਬਾਤਾਂ ਤੋਂ ਬਾਅਦ ਲਿਆ ਗਿਆ। ਮਲਾਜ਼ਮਾਂ ਨੇ ਕਿਹਾ ਕਿ ਉਹ ਟੈਂਡਰ ਰੱਦ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਨਾ ਲਿਆਉਣ ਦੀ ਆਪਣੀ ਮੰਗ ਜਾਰੀ ਰੱਖਣਗੇ।
ਕੱਚੇ ਮੁਲਾਜ਼ਮਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਪੱਕਾ ਕਰਕੇ ਸਮਾਨ ਤਨਖਾਹ ਦਿੱਤੀ ਜਾਵੇ, ਵਿਭਾਗ ਵਿੱਚੋਂ ਠੇਕੇਦਾਰੀ ਪ੍ਰਣਾਲੀ ਖਤਮ ਕੀਤੀ ਜਾਵੇ ਅਤੇ ਪਨਬੱਸ-ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਨਾ ਪਾਈਆਂ ਜਾਣ। ਇਹ ਮੰਗਾਂ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਨਾਲ ਸਬੰਧਿਤ ਹਨ।
ਪੀਆਰਟੀਸੀ ਅਤੇ ਪਨਬੱਸ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਪ੍ਰਦਰਸ਼ਨਕਾਰੀਆਂ ਮੁਲਾਜ਼ਮਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਸਰਕਾਰ ਵਾਅਦੇ 'ਤੇ ਕਿਥੇ ਖੜੀ ਹੈ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਉਹ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
Get all latest content delivered to your email a few times a month.