ਤਾਜਾ ਖਬਰਾਂ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੈਂਗਲੁਰੂ ਵਿਖੇ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਰਮਈਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਰਸਮੀ ਸੱਦਾ ਦੇਣਾ ਸੀ। ਦੋਵੇਂ ਪੰਜਾਬੀ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਬਾਰੇ ਜਾਣੂ ਕਰਵਾਇਆ।
ਮੀਟਿੰਗ ਦੌਰਾਨ, ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਅਤੇ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਦੀ ਵਿਸਥਾਰਿਤ ਜਾਣਕਾਰੀ ਸਾਂਝੀ ਕੀਤੀ। ਸਮਾਗਮਾਂ ਵਿੱਚ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿੱਚ ਅਰਦਾਸ ਨਾਲ ਸ਼ੁਰੂਆਤ ਹੋਵੇਗੀ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ।
ਪੰਜਾਬ ਸਰਕਾਰ ਦੀ ਯੋਜਨਾ ਅਨੁਸਾਰ, 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ, 130 ਅਸਥਾਨਾਂ ਵਿਖੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋਣਗੇ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਇਕੱਠੇ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ।
ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਚੱਕ ਨਾਨਕੀ ਵਿੱਚ ਇੱਕ ਵੱਡੀ ਟੈਂਟ ਸਿਟੀ ਬਣਾਈ ਜਾਵੇਗੀ, ਜਿੱਥੇ ਦਿਨਾਨੁਸਾਰ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ। ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਵਿਸ਼ੇਸ਼ ਸੈਸ਼ਨ, ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸਮਾਗਮਾਂ ਦਾ ਹਿੱਸਾ ਹੋਣਗੇ।
ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਮਾਗਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਮੁਹਿੰਮਾਂ ਜਿਵੇਂ ਖੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਦੀ ਮੈਗਾ ਮੁਹਿੰਮ ਵੀ ਚਲਾਈ ਜਾਵੇਗੀ। ਮੁੱਖ ਮੰਤਰੀ ਸ੍ਰੀ ਸਿੱਧਾਰਮਈਆ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇ ਸੁਨੇਹੇ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਲਈ ਨਿਰੰਤਰ ਪ੍ਰੇਰਿਤ ਕਰਨ ਵਾਲੇ ਮੰਨਿਆਂ ਅਤੇ ਪੰਜਾਬ ਸਰਕਾਰ ਦੇ ਯੋਗਦਾਨ ਦੀ ਸਾਰਾਹਨਾ ਕੀਤੀ ਅਤੇ ਸਮਾਗਮਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
Get all latest content delivered to your email a few times a month.