ਤਾਜਾ ਖਬਰਾਂ
ਤਰਨਤਾਰਨ, 23 ਅਕਤੂਬਰ, 2025-
ਤਰਨਤਾਰਨ ਵਿਧਾਨ ਸਭਾ ਹਲਕੇ ਤੋਂ 'ਆਮ ਆਦਮੀ ਪਾਰਟੀ' (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸੰਧੂ ਨੇ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਇਸ ਇਤਿਹਾਸਕ ਮੌਕੇ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਸਰਕਾਰੀ ਗੌਰਵ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਮਾਗਮਾਂ ਦੀ ਲੜੀ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ।
'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੂਹ ਕੈਬਨਿਟ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਥਾਨ ’ਤੇ ਵੀ ਸ਼ਰਧਾਂਜਲੀ ਭੇਟ ਕਰਨਗੇ। 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਇੱਕ ਵਿਸ਼ਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ।
ਸੰਧੂ ਨੇ ਦੱਸਿਆ ਕਿ ਇਹ ਸਮਾਗਮ ਸਿਰਫ਼ ਕੁਝ ਦਿਨਾਂ ਤੱਕ ਸੀਮਤ ਨਹੀਂ ਰਹਿਣਗੇ, ਸਗੋਂ ਪੂਰੇ ਮਹੀਨੇ ਦੌਰਾਨ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਅਤੇ ਫਲਸਫੇ ਨੂੰ ਦੇਸ਼-ਵਿਦੇਸ਼ ਦੀ ਸੰਗਤ ਤੱਕ ਪਹੁੰਚਾਇਆ ਜਾਵੇਗਾ। ਇਸੇ ਲੜੀ ਤਹਿਤ, 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਗੁਰੂ ਸਾਹਿਬ ਦੇ ਜੀਵਨ ਅਤੇ ਮਹਾਨ ਬਲੀਦਾਨ ਦੀ ਝਲਕ ਪੇਸ਼ ਕਰਨਗੇ। ਇਸ ਤੋਂ ਇਲਾਵਾ, ਤਖ਼ਤ ਸ੍ਰੀ ਦਮਦਮਾ ਸਾਹਿਬ, ਫ਼ਰੀਦਕੋਟ ਅਤੇ ਗੁਰਦਾਸਪੁਰ ਸਮੇਤ ਤਿੰਨ ਹੋਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ।
ਮੁੱਖ ਸਮਾਗਮ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਆਯੋਜਿਤ ਕੀਤੇ ਜਾਣਗੇ। 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ, ਜਿਸ ਵਿੱਚ ਉੱਘੀਆਂ ਸ਼ਖਸੀਅਤਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਬਲੀਦਾਨ ਬਾਰੇ ਵਿਚਾਰ ਪ੍ਰਗਟ ਕੀਤੇ ਜਾਣਗੇ। ਸਮਾਗਮਾਂ ਦੀ ਸੰਪੂਰਨਤਾ 25 ਨਵੰਬਰ ਨੂੰ ਸੂਬਾ ਪੱਧਰ 'ਤੇ ਖੂਨਦਾਨ ਕੈਂਪਾਂ ਅਤੇ ਵਾਤਾਵਰਣ ਸੁਰੱਖਿਆ ਲਈ ਪੌਦੇ ਲਗਾਉਣ ਦੀ ਮੁਹਿੰਮ ਦੇ ਆਰੰਭ ਨਾਲ ਹੋਵੇਗੀ।
ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਤ ਸਮਾਜ ਦੇ ਸਤਿਕਾਰਯੋਗ ਆਗੂਆਂ ਤੋਂ ਆਸ਼ੀਰਵਾਦ ਅਤੇ ਸੁਝਾਅ ਲਏ ਗਏ ਹਨ, ਤਾਂ ਜੋ ਇਸ ਇਤਿਹਾਸਕ ਮੌਕੇ ਨੂੰ ਮਹਾਨਤਾ ਨਾਲ ਮਨਾਇਆ ਜਾ ਸਕੇ। ਸਮਾਗਮਾਂ ਵਿੱਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਵਿਦੇਸ਼ੀ ਰਾਜਦੂਤਾਂ ਨੂੰ ਵੀ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੀ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਅਤੇ ਕਿਹਾ ਕਿ 'ਆਪ' ਸਰਕਾਰ ਗੁਰੂ ਸਾਹਿਬ ਦੇ ਸਿਧਾਂਤਾਂ 'ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਵਚਨਬੱਧ ਹੈ।
Get all latest content delivered to your email a few times a month.