ਤਾਜਾ ਖਬਰਾਂ
ਵਿਧਾਨ ਸਭਾ ਹਲਕਾ ਤਰਨਤਾਰਨ (021) ਦੀ ਜ਼ਿਮਨੀ ਚੋਣ ਲਈ ਅੱਜ (ਸ਼ੁੱਕਰਵਾਰ) ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਤਸਵੀਰ ਸਪੱਸ਼ਟ ਹੋ ਜਾਵੇਗੀ ਅਤੇ ਇੱਥੇ ਰਾਜਨੀਤਿਕ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਇਸੇ ਦੌਰਾਨ, ਆਮ ਆਦਮੀ ਪਾਰਟੀ (ਆਪ) ਨੇ ਚੋਣ ਪ੍ਰਚਾਰ ਨੂੰ ਗਰਮਾਉਣ ਲਈ ਆਪਣੇ ਦੋ ਵੱਡੇ ਚਿਹਰਿਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਮੈਦਾਨ ਵਿੱਚ ਉਤਾਰਿਆ ਹੈ।
CM ਮਾਨ ਅਤੇ ਸਿਸੋਦੀਆ ਦੀ ਅਹਿਮ ਬੈਠਕ: ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੁਪਹਿਰ ਨੂੰ ਅੰਮ੍ਰਿਤਸਰ ਰੋਡ 'ਤੇ ਸਥਿਤ ਸੋਖੀ ਗਾਰਡਨ ਵਿਖੇ ਪਹੁੰਚਣਗੇ। ਇੱਥੇ ਉਹ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ, ਚੋਣ ਰਣਨੀਤੀਆਂ ਤਿਆਰ ਕਰਨਗੇ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨਗੇ।
ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਦਿੱਤੀ ਟਿਕਟ: ਜ਼ਿਕਰਯੋਗ ਹੈ ਕਿ 'ਆਪ' ਨੇ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ, ਜੋ ਇਸ ਹਲਕੇ ਤੋਂ ਪਹਿਲਾਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਦੂਜਾ ਦੌਰਾ ਹੈ, ਕਿਉਂਕਿ ਇਸ ਤੋਂ ਪਹਿਲਾਂ ਉਹ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖਲ ਕਰਨ ਸਮੇਂ ਵੀ ਇੱਥੇ ਪਹੁੰਚੇ ਸਨ ਅਤੇ ਇੱਕ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਸੀ।
4 ਪ੍ਰਮੁੱਖ ਪਾਰਟੀਆਂ ਮੈਦਾਨ 'ਚ: ਇਹ ਸੀਟ 'ਆਪ' ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਕਾਰਨ ਖਾਲੀ ਹੋਈ ਸੀ। ਇੱਥੇ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ।
ਚੋਣ ਮੈਦਾਨ ਹੁਣ ਪੂਰੀ ਤਰ੍ਹਾਂ ਗਰਮਾਉਣ ਦੀ ਤਿਆਰੀ 'ਚ ਹੈ। ਕਾਗਜ਼ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਪੰਜ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਵਿਚਕਾਰ ਸਿੱਧਾ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਮਾਨ ਅਤੇ ਸਿਸੋਦੀਆ ਦੇ ਦੌਰੇ ਨਾਲ, 'ਆਪ' ਆਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸਾਫ਼ ਹੈ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਨੂੰ ਸੂਬਾ ਪੱਧਰੀ ਟੱਕਰ ਵਜੋਂ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.