IMG-LOGO
ਹੋਮ ਪੰਜਾਬ: ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ ਤਿੰਨ...

ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ ਤਿੰਨ ਮਹਾਨ ਸ਼ਖ਼ਸੀਅਤਾਂ - ਭਾਈ ਕੁੰਮਾ ਮਾਸ਼ਕੀ, ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ...

Admin User - Oct 24, 2025 04:35 PM
IMG

ਅੰਮ੍ਰਿਤਸਰ, 24 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਿੱਖ ਇਤਿਹਾਸ ਦੀਆਂ ਪ੍ਰੇਰਣਾਦਾਇਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਭਾਈ ਕੁੰਮਾ ਮਾਸ਼ਕੀ ਜੀ, ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਅਤੇ ਬਾਬਾ ਮੋਹਨ ਸਿੰਘ ਮਤਵਾਲਾ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਨਿਭਾਈ।

ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੀ ਸੇਵਾ ਤੇ ਬਲਿਦਾਨ ਕਰਨ ਵਾਲਿਆਂ ਨੂੰ ਅਜਾਇਬ ਘਰ ਵਿੱਚ ਸਨਮਾਨ ਦੇ ਕੇ ਸਿੱਖ ਸੰਸਥਾ ਉਨ੍ਹਾਂ ਦੇ ਯੋਗਦਾਨ ਨੂੰ ਸਦੀਵ ਯਾਦਗਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਕੁੰਮਾ ਮਾਸ਼ਕੀ ਜੀ, ਜਿਨ੍ਹਾਂ ਨੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸੇਵਾ ਕੀਤੀ, ਸਿੱਖ ਇਤਿਹਾਸ ਵਿੱਚ ਸਮਰਪਣ ਅਤੇ ਸੇਵਾ ਦਾ ਅਦੁਤੀਅ ਉਦਾਹਰਨ ਹਨ।

ਉਨ੍ਹਾਂ ਨੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਬਾਰੇ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਰਿਹਾ। ਉਨ੍ਹਾਂ ਧਾਰਮਿਕ ਸਿੱਖਿਆ ਦੇ ਨਾਲ ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਦੀ ਸਥਾਪਨਾ ਕਰਕੇ ਸਮਾਜਿਕ ਉਤਥਾਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸੇ ਤਰ੍ਹਾਂ ਬਾਬਾ ਮੋਹਨ ਸਿੰਘ ਮਤਵਾਲਾ ਨੇ ਗੁਰਮਤਿ ਵਿਦਿਆਲਾ ਸਥਾਪਿਤ ਕਰਕੇ ਅਨੇਕਾਂ ਗ੍ਰੰਥੀ, ਰਾਗੀ ਅਤੇ ਕਥਾਵਾਚਕ ਤਿਆਰ ਕੀਤੇ, ਜੋ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਲੱਗੇ ਹੋਏ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੱਲੋਂ ਸੰਬੋਧਨ ਕਰਦਿਆਂ ਤਸਵੀਰਾਂ ਨਾਲ ਸਨਮਾਨਿਤ ਕੀਤੀਆਂ ਗਈਆਂ ਸ਼ਖ਼ਸੀਅਤਾਂ ਦੇ ਜੀਵਨ ਤੇ ਸਿੱਖੀ ਲਈ ਉਨ੍ਹਾਂ ਦੀ ਸੇਵਾ ਨੂੰ ਯਾਦ ਕੀਤਾ। ਉਨ੍ਹਾਂ ਸੰਗਤਾਂ ਅਤੇ ਪੁੱਜੀਆਂ ਪਰਿਵਾਰਕ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸਮਾਗਮ ਦਾ ਸ਼ੁਭ ਆਰੰਭ ਕੀਤਾ। ਸਮਾਗਮ ਦੌਰਾਨ SGPC ਦੇ ਮੈਂਬਰਾਂ, ਪ੍ਰਮੁੱਖ ਸਿੱਖ ਹਸਤੀਆਂ ਅਤੇ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ।

ਸਮਾਰੋਹ ਵਿੱਚ ਹਾਜ਼ਰੀ ਲਗਾਉਣ ਵਾਲਿਆਂ ਵਿੱਚ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬਾਬਾ ਗੁਰਦੇਵ ਸਿੰਘ ਕੁੱਲ੍ਹੀਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਡਾ. ਧਰਮਵੀਰ ਸਿੰਘ (ਕਾਰ ਸੇਵਾ ਬਾਬਾ ਅਟੱਲ ਰਾਏ ਸਾਹਿਬ), ਸਤਬੀਰ ਸਿੰਘ ਧਾਮੀ (ਓਐਸਡੀ), ਗੁਰਿੰਦਰ ਸਿੰਘ ਮਥਰੇਵਾਲ (ਵਧੀਕ ਸਕੱਤਰ), ਪ੍ਰੀਤਪਾਲ ਸਿੰਘ, ਸ਼ਾਹਬਾਜ਼ ਸਿੰਘ, ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਨਿਸ਼ਾਨ ਸਿੰਘ, ਭਾਈ ਪ੍ਰੇਮ ਸਿੰਘ, ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ ਅਤੇ ਬਾਬਾ ਨਛੱਤਰ ਸਿੰਘ ਸਮੇਤ ਹੋਰ ਸਿੰਘ-ਸੁਖਣੀਆਂ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.