ਤਾਜਾ ਖਬਰਾਂ
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ।
ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।
Get all latest content delivered to your email a few times a month.