ਤਾਜਾ ਖਬਰਾਂ
ਰੂਪਨਗਰ, 28 ਅਕਤੂਬਰ: ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਚਰਨ ਛੋਹ ਸਥਾਨਾਂ ਉੱਤੇ ਰੂਪਨਗਰ ਜ਼ਿਲ੍ਹੇ ਵਿੱਚ 1 ਨਵੰਬਰ ਤੋਂ ਕੀਰਤਨ ਸਮਾਗਮ ਕਰਵਾਏ ਜਾਣਗੇ, ਜਿਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਨਵੰਬਰ 2025 ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁੱਗਰੀ ਕੋਟਲੀ ਵਿਖੇ, 02 ਨਵੰਬਰ ਨੂੰ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਕੀਰਤਪੁਰ ਸਾਹਿਬ ਵਿਖੇ, 08 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਰੂਪਨਗਰ ਵਿਖੇ, 09 ਨਵੰਬਰ ਨੂੰ ਗੁਰਦੁਆਰਾ ਸ੍ਰੀ ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਅਤੇ 09 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਵਿਖੇ ਕੀਰਤਨ ਸਮਾਗਮ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ ਸੂਬਾ ਸਰਕਾਰ ਵੱਲੋਂ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਪੁੱਖਤਾ ਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਡਿਊਟੀ ਨੂੰ ਸੇਵਾ ਤੇ ਸ਼ਰਧਾ ਭਾਵਨਾ ਨਾਲ ਕਰਨ।
ਵਰਜੀਤ ਵਾਲੀਆ ਨੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਇਨ੍ਹਾਂ ਕੀਰਤਨ ਸਮਾਗਮਾਂ ਵਿੱਚ ਸੰਗਤ ਲਈ ਸੇਵਾਵਾਂ ਦੇਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਤੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਕਿਸੇ ਵੀ ਪ੍ਰਬੰਧਾਂ ਵਿੱਚ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਆਈ ਏ ਐਸ ਅਭਿਮੰਨਿਊ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐੱਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐੱਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.