ਤਾਜਾ ਖਬਰਾਂ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਸ਼ੁਰੂ ਕੀਤਾ ਗਿਆ ਸੀ, ਜੋ ਹੁਣ ਪੰਜਾਬ ਵਿੱਚ ਪਹੁੰਚ ਚੁੱਕਾ ਹੈ। ਇਸ ਸੰਬੰਧ ਵਿੱਚ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਐਸ.ਜੀ.ਪੀ.ਸੀ. ਦਫ਼ਤਰ ਵਿੱਚ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਮੈਨੇਜਰਾਂ, ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਤਿਆਰ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਪ੍ਰਚਾਰਕ ਜਥਿਆਂ ਨੂੰ ਸ਼ਤਾਬਦੀ ਸਮਾਗਮਾਂ ਬਾਰੇ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਨ ਲਈ ਪ੍ਰੇਰਿਤ ਕੀਤਾ।
ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਪੰਜਾਬ ਵਿੱਚ ਪ੍ਰਵੇਸ਼ ਕਰ ਚੁੱਕਾ ਹੈ। 30 ਅਕਤੂਬਰ ਤੋਂ 7 ਨਵੰਬਰ ਤੱਕ ਨਗਰ ਕੀਰਤਨ ਸੰਗਰੂਰ, ਬਰਨਾਲਾ, ਤਲਵੰਡੀ ਸਾਬੋ, ਮੁਕਤਸਰ ਸਾਹਿਬ, ਫਰੀਦਕੋਟ, ਸੁਲਤਾਨਪੁਰ ਲੋਧੀ, ਸ੍ਰੀ ਗੋਇੰਦਵਾਲ ਸਾਹਿਬ, ਤਰਨ ਤਾਰਨ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਪਹੁੰਚੇਗਾ। ਇਸ ਯਾਤਰਾ ਦੌਰਾਨ ਹਰ ਸਥਾਨ ’ਤੇ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਤੇ ਕੀਰਤਨ ਦਰਬਾਰਾਂ ਦਾ ਆਯੋਜਨ ਕੀਤਾ ਜਾਵੇਗਾ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਅਤੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ 8 ਨਵੰਬਰ ਤੋਂ 22 ਨਵੰਬਰ ਤੱਕ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਚੱਲ ਕੇ ਡੇਰਾ ਬਾਬਾ ਨਾਨਕ, ਧਾਰੀਵਾਲ, ਕੱਥੂਨੰਗਲ, ਬਾਬਾ ਬਕਾਲਾ ਸਾਹਿਬ, ਕਰਤਾਰਪੁਰ, ਫਗਵਾੜਾ, ਫਿਲੌਰ, ਲੁਧਿਆਣਾ, ਰਾਏਕੋਟ, ਨਾਭਾ, ਪਟਿਆਲਾ, ਮੋਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਮਾਛੀਵਾੜਾ ਅਤੇ ਰੋਪੜ ਤੱਕ ਪਹੁੰਚੇਗਾ। ਹਰ ਪੜਾਅ ’ਤੇ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਗੁਰਮਤਿ ਪ੍ਰਚਾਰ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨ ਦੀ ਮਹਾਨਤਾ ਨੂੰ ਯਾਦ ਕੀਤਾ ਜਾਵੇਗਾ।
ਸਕੱਤਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸ਼ਹੀਦੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਉਣ। 23 ਨਵੰਬਰ ਨੂੰ ਇਹ ਨਗਰ ਕੀਰਤਨ ਰੋਪੜ ਤੋਂ ਚੱਲ ਕੇ ਆਪਣੇ ਆਖ਼ਰੀ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸਗੰਜ ਸਾਹਿਬ ’ਤੇ ਸੰਪੂਰਨ ਹੋਵੇਗਾ, ਜਿੱਥੇ ਸ਼ਾਨਦਾਰ ਸਮਾਪਨ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
Get all latest content delivered to your email a few times a month.