ਤਾਜਾ ਖਬਰਾਂ
 
                
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਰੋਹਾਂ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਸ਼ਹੀਦੀ ਨਗਰ ਕੀਰਤਨ ਅੱਜ ਆਪਣੇ ਅਗਲੇ ਪੜਾਅ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵੱਲ ਰਵਾਨਾ ਹੋਇਆ। ਇਹ ਪਵਿੱਤਰ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ ਆਰੰਭ ਹੋਇਆ ਸੀ ਅਤੇ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੰਢਾਇਆ ਤੋਂ ਰਵਾਨਾ ਕੀਤਾ ਗਿਆ।
ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਕਮੇਟੀ ਮੈਂਬਰਾਂ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਨੇ ਹਾਜ਼ਰੀ ਭਰੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਸਬ ਤੋਂ ਵੱਡੀ ਕੁਰਬਾਨੀ ਸੀ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਸਿੱਖ ਜਨਸਮੂਹ ਦੀ ਗੁਰੂ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ।
ਧਾਮੀ ਨੇ ਦੱਸਿਆ ਕਿ ਕਰੀਬ ਢਾਈ ਮਹੀਨਿਆਂ ਤੋਂ ਚੱਲ ਰਿਹਾ ਇਹ ਇਤਿਹਾਸਕ ਨਗਰ ਕੀਰਤਨ ਹੁਣ ਤੱਕ ਦੇਸ਼ ਦੇ 23 ਸੂਬਿਆਂ ਵਿੱਚੋਂ ਹੋਕੇ ਲੰਘ ਚੁੱਕਾ ਹੈ, ਜਿੱਥੇ ਹਰ ਧਰਮ ਅਤੇ ਸਮਾਜ ਦੇ ਲੋਕਾਂ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਤਿਕਾਰ ਨਾਲ ਭਾਗ ਲਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਜਰੂਰ ਸ਼ਮੂਲੀਅਤ ਕਰਨ।
ਨਗਰ ਕੀਰਤਨ ਦੀ ਰਵਾਨਗੀ ਸਮਾਰੋਹ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁੜਥੜੀ, ਜਥੇਦਾਰ ਬਲਦੇਵ ਸਿੰਘ ਚੁੰਘਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਰਬਾਰਾ ਸਿੰਘ ਗੁਰੂ, ਕੁਲਵੰਤ ਸਿੰਘ ਕੀਤੂ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਕਈ ਹੋਰ ਪ੍ਰਮੁੱਖ ਸਿੰਘ-ਸੰਗਤਾਂ ਹਾਜ਼ਰ ਸਨ।
 
                
            Get all latest content delivered to your email a few times a month.