ਤਾਜਾ ਖਬਰਾਂ
 
                
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ।
ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਭਾਰਤ ਦੂਜੇ ਦੇਸ਼ਾਂ ਤੋਂ ਅਨਾਜ ਮੰਗ ਰਿਹਾ ਸੀ।
ਆਪਣੇ ਸੰਬੋਧਨ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਭੂਮੀ 'ਤੇ ਭਾਜਪਾ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਭਾਜਪਾ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ 85 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਕੌਮੀ ਖੁਰਾਕ ਪੂਲ ਵਿੱਚ 180 ਲੱਖ ਮੀਟਰਿਕ ਟਨ ਝੋਨੇ ਅਤੇ 150 ਲੱਖ ਮੀਟਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ। ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਬਾਰਿਸ਼ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਇੱਕ ਪੈਸਾ ਵੀ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਾਅਦ ਮਹਿਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਆਪਣੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਕਿਸਾਨਾਂ ਦੀ ਭਾਰੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਭਾਜਪਾ ਦਾ ਪਤਨ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਹੰਕਾਰੀ ਆਗੂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 'ਅੱਛੇ ਦਿਨ' ਅਜੇ ਵੀ ਇੱਕ ਛਲਾਵਾ ਹਨ ਪਰ ਦੇਸ਼ ਵਿੱਚ 'ਸੱਚੇ ਦਿਨ' ਜਲਦੀ ਹੀ ਆਉਣਗੇ ਜਦੋਂ ਦੇਸ਼ ਦੇ ਸੂਝਵਾਨ ਲੋਕ ਭਗਵਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕੇ, ਜਦੋਂ ਕਿ ਭਾਜਪਾ ਨੇ ਉਨ੍ਹਾਂ 'ਤੇ ਸਿਰਫ਼ ਜ਼ੁਲਮ ਅਤੇ ਬੇਇਨਸਾਫ਼ੀ ਦੇ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਜਲਦੀ ਹੀ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦੇਣਗੇ ਅਤੇ ਇਸ ਕਿਸਾਨ ਮਹਾਂਪੰਚਾਇਤ ਵਿੱਚ ਲੋਕਾਂ ਦੀ ਭਾਰੀ ਭੀੜ ਇਸ ਦਾ ਸੰਕੇਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ 'ਤੇ ਆਪਣੇ ਜਾਇਜ਼ ਹੱਕ ਮੰਗਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਅਮੀਰ ਕਾਰੋਬਾਰੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਗਈਆਂ ਹਨ, ਜਿਨ੍ਹਾਂ ‘ਤੇ ਉਹ ਪੂਰੀ ਤਰ੍ਹਾਂ ਮਿਹਰਬਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ, ਕੇਂਦਰ ਸਰਕਾਰ ਦੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ 'ਤੇ ਵੇਚੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈ।
ਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦੋਂ ਕਿ ਹੰਕਾਰੀ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਇਆ ਹੈ। ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਹੈ।
 
                
            Get all latest content delivered to your email a few times a month.