ਤਾਜਾ ਖਬਰਾਂ
ਲੁਧਿਆਣਾ ਦੇ ਰਾਏਕੋਟ ਅਧੀਨ ਪੈਂਦੇ ਪਿੰਡ ਰਾਜਗੜ੍ਹ ਵਿੱਚ ਖੂਨ ਦੇ ਰਿਸ਼ਤੇ ਤਾਰ-ਤਾਰ ਹੋਣ ਦੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਕਲਯੁੱਗੀ ਪੁੱਤ ਨੇ ਘਰੇਲੂ ਝਗੜੇ ਅਤੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਮ੍ਰਿਤਕ ਦੀ ਪਛਾਣ 70 ਸਾਲਾ ਬੂਟਾ ਸਿੰਘ ਵਜੋਂ ਹੋਈ ਹੈ, ਜਦਕਿ ਕਤਲ ਕਰਨ ਵਾਲੇ ਪੁੱਤਰ ਦਾ ਨਾਮ ਅਵਤਾਰ ਸਿੰਘ 'ਤਾਰੀ' (40 ਸਾਲ) ਹੈ।
ਘਰ ਨੂੰ ਅੱਗ ਲਾਉਣ ਦੀ ਧਮਕੀ ਤੋਂ ਸ਼ੁਰੂ ਹੋਇਆ ਝਗੜਾ
ਸੁਧਾਰ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਦੀਪ ਸਿੰਘ ਨੇ ਵਾਰਦਾਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਅਵਤਾਰ ਸਿੰਘ ਸ਼ਰਾਬ ਦਾ ਆਦੀ ਹੈ ਅਤੇ ਇਸੇ ਕਾਰਨ ਘਰ ਵਿੱਚ ਅਕਸਰ ਕਲੇਸ਼ ਰਹਿੰਦਾ ਸੀ।
ਸ਼ੁੱਕਰਵਾਰ ਰਾਤ 11:45 ਵਜੇ ਦੇ ਕਰੀਬ, ਅਵਤਾਰ ਸਿੰਘ ਸ਼ਰਾਬ ਪੀ ਕੇ ਘਰ ਆਇਆ ਅਤੇ ਪਰਿਵਾਰ ਨਾਲ ਲੜਨ ਲੱਗ ਪਿਆ।
ਗੁੱਸੇ ਵਿੱਚ ਆ ਕੇ ਉਸਨੇ ਸਿਲੰਡਰ ਲਾਹ ਕੇ ਘਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ।
ਜਦੋਂ ਪਿਤਾ ਬੂਟਾ ਸਿੰਘ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਅਵਤਾਰ ਸਿੰਘ ਨੇ ਉਨ੍ਹਾਂ 'ਤੇ ਇੱਟਾਂ ਨਾਲ ਕਈ ਵਾਰ ਹਮਲਾ ਕੀਤਾ।
ਗੰਭੀਰ ਸੱਟਾਂ ਕਾਰਨ ਬਜ਼ੁਰਗ ਬੂਟਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੁਲਜ਼ਮ ਦਾ ਪੁਰਾਣਾ ਕਤਲ ਕੇਸ ਨਾਲ ਸਬੰਧ
ਪੁਲਿਸ ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਸਿੰਘ 'ਤਾਰੀ' ਦਾ ਅਪਰਾਧਿਕ ਪਿਛੋਕੜ ਰਿਹਾ ਹੈ। ਉਹ ਇਸ ਤੋਂ ਪਹਿਲਾਂ ਵੀ ਆਪਣੇ ਚਾਚੇ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ।
ਕਤਲ ਦਾ ਮਾਮਲਾ ਦਰਜ, ਅਦਾਲਤ ਵਿੱਚ ਪੇਸ਼ੀ
ਘਟਨਾ ਦੀ ਸੂਚਨਾ ਮਿਲਦੇ ਹੀ ਸੁਧਾਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਅਵਤਾਰ ਸਿੰਘ 'ਤਾਰੀ' ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਧਾਰ ਥਾਣੇ ਦੀ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.