ਤਾਜਾ ਖਬਰਾਂ
ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਇਸ ਗਰਮ ਮਾਹੌਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਰਟੋਲ, ਬਾਲੇ ਚੱਕ ਅਤੇ ਤਰਨਤਾਰਨ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।
ਰੈਲੀਆਂ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਨੇ ਖ਼ਾਸ ਤੌਰ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੇਜਰੀਵਾਲ “ਅੱਤ ਦਰਜੇ ਦਾ ਝੂਠਾ ਇਨਸਾਨ” ਹੈ ਜੋ ਗੁਜਰਾਤ 'ਚ ਜਾ ਕੇ ਇਹ ਦਾਅਵਾ ਕਰ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਹੈ, ਜਦਕਿ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਹਾਲਤ ਪੁੱਛਣ ਵਾਲਾ ਵੀ ਕੋਈ ਨਹੀਂ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨਟ ਭੰਗ ਕਰਨ ਦੇ ਮਾਮਲੇ 'ਤੇ ਵੀ ਸਰਕਾਰ 'ਤੇ ਤੀਖੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਰਕਾਰ ਦੀ ਨਲਾਇਕੀ ਅਤੇ ਬੇਇੰਤਜ਼ਾਮੀ ਦਾ ਸਪੱਸ਼ਟ ਨਤੀਜਾ ਹੈ।
ਸੁਖਬੀਰ ਬਾਦਲ ਨੇ ਰਾਜ ਵਿੱਚ ਖਰਾਬ ਕਾਨੂੰਨ ਵਿਵਸਥਾ 'ਤੇ ਵੀ ਸਰਕਾਰ ਨੂੰ ਘੇਰਿਆ ਤੇ ਕਿਹਾ ਕਿ ਅੱਜ ਪੰਜਾਬ ਵਿੱਚ ਪੁਲਿਸ ਸਮਗਲਰਾਂ ਰਾਹੀਂ ਪੈਸੇ ਇਕੱਠੇ ਕਰਨ 'ਚ ਲੱਗੀ ਹੋਈ ਹੈ, ਜਦਕਿ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਰਨਤਾਰਨ ਦੀਆਂ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ “ਸੱਚ ਅਤੇ ਸਿੱਖੀ ਸਿਧਾਂਤਾਂ ਵਾਲੀ ਸਿਆਸਤ” ਨੂੰ ਮਜ਼ਬੂਤ ਕਰੋ।
Get all latest content delivered to your email a few times a month.