ਤਾਜਾ ਖਬਰਾਂ
                
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਵੱਡਾ ਜਥਾ ਪਾਕਿਸਤਾਨ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਹਨ। ਜਦੋਂ ਸਿੰਘ ਸਾਹਿਬ ਗੜਗੱਜ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ ਸਮੇਤ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ, ਤਾਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸਰਹੱਦ ਦੀ ਜ਼ੀਰੋ ਲਾਈਨ ‘ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਮਹੇਸ਼ ਸਿੰਘ ਅਤੇ ਪਾਕਿਸਤਾਨ ਓਕਾਫ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਸਿੰਘ ਸਾਹਿਬ ਗੜਗੱਜ ਨੂੰ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨਿਤ ਕੀਤਾ ਗਿਆ। ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵੱਲੋਂ ਇਹ ਦਰਸ਼ ਦੋਸਤੀ ਅਤੇ ਧਾਰਮਿਕ ਭਾਵਨਾ ਦਾ ਪ੍ਰਤੀਕ ਬਣੇ।
ਦਰਅਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਅਗਵਾਈ ਹੇਠ ਇਹ ਜਥਾ ਸਵੇਰੇ ਅੰਮ੍ਰਿਤਸਰ ਤੋਂ ਖਾਲਸਾਈ ਜਾਹੋ-ਜਲਾਲ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਕੁੱਲ 1796 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ, ਜਦਕਿ 50 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਹੋਣ ਦੇ ਬਾਵਜੂਦ ਸਰਹੱਦ ‘ਤੇ ਰੋਕਿਆ ਗਿਆ। ਭਾਰਤ ਸਰਕਾਰ ਵੱਲੋਂ ਜ਼ਰੂਰੀ ਜਾਂਚ ਪੂਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਮਗਰੋਂ ਪਾਕਿਸਤਾਨ ਦੇ ਮਹੱਤਵਪੂਰਨ ਗੁਰਧਾਮਾਂ ਦੇ ਦਰਸ਼ਨ ਕਰੇਗਾ ਅਤੇ 13 ਨਵੰਬਰ ਨੂੰ ਭਾਰਤ ਵਾਪਸ ਪਰਤੇਗਾ।
ਹਰ ਸਾਲ ਦੀ ਤਰ੍ਹਾਂ, ਇਸ ਵਾਰ ਵੀ ਐਸ.ਜੀ.ਪੀ.ਸੀ. ਵੱਲੋਂ ਸਿੱਖ ਜਥੇ ਪਾਕਿਸਤਾਨ ਭੇਜੇ ਗਏ ਹਨ, ਤਾਂ ਜੋ ਸਿੱਖ ਸੰਗਤਾਂ ਨੂੰ ਗੁਰੁਘਰਾਂ ਦੇ ਦਰਸ਼ਨ ਦਾ ਸੁਭਾਗ ਮਿਲ ਸਕੇ। ਜਾਣਕਾਰੀ ਅਨੁਸਾਰ, ਇਸ ਵਾਰ 1802 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੇ ਦੂਤਾਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1796 ਨੂੰ ਵੀਜ਼ੇ ਪ੍ਰਾਪਤ ਹੋਏ।
                
            Get all latest content delivered to your email a few times a month.