ਤਾਜਾ ਖਬਰਾਂ
ਤਰਨਤਾਰਨ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਸਾਹਮਣੇ ਪਿਛਲੇ ਇੱਕ ਹਫ਼ਤੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਨੇ ਅੱਜ ਜਬਰੀ ਤੌਰ 'ਤੇ ਹਟਾ ਦਿੱਤਾ। ਪੁਲਿਸ ਵੱਲੋਂ ਅਧਿਆਪਕਾਂ ਦਾ ਟੈਂਟ ਪੁੱਟ ਕੇ ਧਰਨਾ ਸਮਾਪਤ ਕਰਵਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਗੱਡੀਆਂ ਵਿੱਚ ਬੈਠਾ ਕੇ ਥਾਣੇ ਲਿਆਉਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਇਸ ਕਾਰਵਾਈ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੇ ਸਥਾਨਕ ਗਾਂਧੀ ਪਾਰਕ ਵਿੱਚ ਮੁੜ ਧਰਨਾ ਸ਼ੁਰੂ ਕਰ ਦਿੱਤਾ ਹੈ। ਧਰਨਾ ਸਥਲ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪਹੁੰਚੇ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ — ਜਿਵੇਂ ਪੱਕੀ ਨੌਕਰੀ ਅਤੇ ਤਨਖਾਹਾਂ ਦਾ ਸਮਾਂ-ਸਿਰ ਜਾਰੀ ਹੋਣਾ — ਨੂੰ ਲੈ ਕੇ ਲਗਾਤਾਰ ਸਰਕਾਰ ਨਾਲ ਸੰਪਰਕ ਵਿੱਚ ਹਨ, ਪਰ ਹਰ ਵਾਰ ਉਨ੍ਹਾਂ ਨੂੰ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ।
ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਅਸਲ ਮੰਗਾਂ 'ਤੇ ਧਿਆਨ ਦੇਣ ਦੀ ਬਜਾਏ ਧਰਨਿਆਂ ਨੂੰ ਦਬਾਉਣ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਅਰੋਪ ਲਗਾਇਆ ਕਿ ਮੁਲਾਜ਼ਮਾਂ ਦੀ ਆਵਾਜ਼ ਨੂੰ ਰੋਕਣ ਲਈ ਹੁਣ ਸਰਕਾਰ ਜ਼ਬਰ ਦਾ ਸਹਾਰਾ ਲੈ ਰਹੀ ਹੈ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੀਬਰ ਕਰਨਗੇ।
Get all latest content delivered to your email a few times a month.