ਤਾਜਾ ਖਬਰਾਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਕਥਿਤ ਤੌਰ 'ਤੇ ਜਾਤੀਵਾਦੀ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ।
ਇਹ ਮਾਮਲਾ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਕਿਹੜੀਆਂ ਧਾਰਾਵਾਂ ਤਹਿਤ ਮਾਮਲਾ ਦਰਜ?
ਰਾਜਾ ਵੜਿੰਗ ਵਿਰੁੱਧ ਸੀਆਰਪੀਸੀ, 2023 ਦੀਆਂ ਧਾਰਾਵਾਂ 353 (ਸਰਕਾਰੀ ਕਰਮਚਾਰੀ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਬਲ ਦੀ ਵਰਤੋਂ) ਅਤੇ 196 ਦੇ ਨਾਲ-ਨਾਲ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਦੀਆਂ ਗੰਭੀਰ ਧਾਰਾਵਾਂ 3(1)(u) ਅਤੇ 3(1)(v) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਧਾਰਾਵਾਂ ਮੁੱਖ ਤੌਰ 'ਤੇ ਅਨੁਸੂਚਿਤ ਜਾਤੀ ਦੇ ਵਿਅਕਤੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਅੱਤਿਆਚਾਰ ਨਾਲ ਸਬੰਧਿਤ ਹਨ।
ਐਸ.ਸੀ. ਕਮਿਸ਼ਨ ਵੀ ਮੈਦਾਨ ਵਿੱਚ
ਇਸ ਸੰਵੇਦਨਸ਼ੀਲ ਮਾਮਲੇ ਦਾ ਨੋਟਿਸ ਲੈਂਦਿਆਂ, ਅਨੁਸੂਚਿਤ ਜਾਤੀ (SC) ਕਮਿਸ਼ਨ ਨੇ ਵੀ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਤੋਂ ਜਵਾਬ ਤਲਬ ਕੀਤਾ ਹੈ।
ਦੱਸਣਯੋਗ ਹੈ ਕਿ ਕਈ ਧਾਰਮਿਕ ਸਿੱਖ ਸੰਗਠਨਾਂ ਵੱਲੋਂ ਲਗਾਤਾਰ ਕਾਂਗਰਸ ਪ੍ਰਧਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਪੰਜਾਬ ਪੁਲਿਸ ਨੇ ਹੁਣ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਾਜਾ ਵੜਿੰਗ ਵਿਰੁੱਧ ਐਸਸੀ/ਐਸਟੀ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹੜਕੰਪ ਮਚ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ 'ਤੇ ਪੰਜਾਬ ਦੀ ਸਿਆਸਤ ਗਰਮਾਉਣ ਦੇ ਆਸਾਰ ਹਨ।
Get all latest content delivered to your email a few times a month.