ਤਾਜਾ ਖਬਰਾਂ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਭਾਵਨਾ ਦਾ ਅਨੋਖਾ ਦਰਸ਼ਨ ਹੋਇਆ। ਸਵੇਰ ਤੋਂ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਪਹੁੰਚੀਆਂ ਅਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪੂਰੇ ਪਰਿਸਰ ਵਿੱਚ ਧਾਰਮਿਕ ਮਹੌਲ ਅਤੇ ਭਗਤੀ ਭਾਵਨਾ ਦਾ ਸੁਹਣਾ ਮਿਲਾਪ ਦਿੱਖ ਰਿਹਾ ਸੀ।
ਇਸ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਨੂੰ ਵਿਸ਼ੇਸ਼ ਤੌਰ ‘ਤੇ ਰੌਸ਼ਨ ਕੀਤਾ ਗਿਆ। ਦੀਪਮਾਲਾ ਨਾਲ ਸਜੀ ਇਮਾਰਤਾਂ ਨੇ ਰਾਤ ਵੇਲੇ ਦਾ ਦ੍ਰਿਸ਼ ਸੁਹਣਾ ਬਣਾ ਦਿੱਤਾ, ਜਿਸ ਦੇ ਦਰਸ਼ਨ ਲਈ ਸੰਗਤਾਂ ਦੀ ਭਾਰੀ ਭੀੜ ਉਮੜ ਪਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਸ ਪਵਿੱਤਰ ਅਵਸਰ ਉੱਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਰਸਭਰੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਰੰਗ ਵਿੱਚ ਰੰਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਗ੍ਰੰਥੀ ਸਿੰਘ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਪੂਰੀ ਮਨੁੱਖਤਾ ਲਈ ਰਾਹ-ਦਿਖਾਉਣ ਵਾਲੇ ਹਨ। ਉਨ੍ਹਾਂ ਨੇ ਮਨੁੱਖੀ ਸਮਾਜ ਵਿੱਚ ਜਾਤ-ਪਾਤ, ਉਚ-ਨੀਚ ਤੇ ਭੇਦਭਾਵ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ ਇਕਤਾ ਅਤੇ ਪ੍ਰੇਮ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਗੁਰਮਤਿ ਸਮਾਗਮ ਵੀ ਆਯੋਜਿਤ ਕੀਤਾ ਗਿਆ ਜਿਸ ਵਿੱਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਤੇ ਗੁਰਬਾਣੀ ਦੇ ਸੰਦੇਸ਼ ਸਾਂਝੇ ਕੀਤੇ। ਕਵੀ ਦਰਬਾਰ ਦੌਰਾਨ ਕਵੀਆਂ ਨੇ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਕਵਿਤਾਵਾਂ ਰਾਹੀਂ ਭਾਵਨਾਤਮਕ ਰਚਨਾਵਾਂ ਪੇਸ਼ ਕੀਤੀਆਂ।
ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ ਅਤੇ ਹੋਰ ਕਈ ਅਧਿਕਾਰੀ ਹਾਜ਼ਰ ਰਹੇ।
ਸਾਰਾ ਦਿਨ ਗੁਰਬਾਣੀ ਦੀ ਧੁਨ ਨਾਲ ਹਰਿਮੰਦਰ ਸਾਹਿਬ ਦਾ ਮਾਹੌਲ ਗੂੰਜਦਾ ਰਿਹਾ ਅਤੇ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਪ੍ਰੇਮ, ਨਿਮਰਤਾ ਅਤੇ ਸੇਵਾ ਦੀ ਭਾਵਨਾ ਨਾਲ ਮਨਾਇਆ।
Get all latest content delivered to your email a few times a month.