ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਐਲਾਨ ਕੀਤਾ ਕਿ ਪਾਰਟੀ 10 ਨਵੰਬਰ ਨੂੰ ਹੋਣ ਵਾਲੇ ਸਾਂਝੇ ਰੋਸ ਪ੍ਰਦਰਸ਼ਨ ਵਿੱਚ ਪੂਰੀ ਤਾਕਤ ਨਾਲ ਸ਼ਾਮਲ ਹੋਵੇਗੀ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਮੌਲਿਕ ਸਰੂਪ ਨੂੰ ਬਦਲਣ ਲਈ ਜਾਰੀ ਕੇਂਦਰੀ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਕੇਂਦਰੀ ਕੰਟਰੋਲ ਹੇਠ ਲਿਆਉਣ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।
ਰੋਮਾਣਾ ਨੇ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਯੂਨੀਵਰਸਿਟੀ ਦੀ ਖੁਦਮੁਖਤਿਆਰਤਾ ਤੇ ਪੰਜਾਬ ਦੀ ਪਕੜ ਖਤਮ ਕਰਨ ਵੱਲ ਕਦਮ ਹੈ। ਇਸ ਰਾਹੀਂ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਦੀ “ਰਬੜ ਦੀ ਮੋਹਰ” ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗਰੈਜੂਏਟ ਹਲਕਿਆਂ ਨੂੰ ਖਤਮ ਕਰਕੇ ਪੰਜਾਬ ਦੀ ਹਿੱਸੇਦਾਰੀ ਘਟਾਉਣ ਦੀ ਸਾਜ਼ਿਸ਼ ਨੂੰ ਉਹਨਾਂ ਨੇ “ਪੰਜਾਬ ਦੀ ਪਛਾਣ ’ਤੇ ਹਮਲਾ” ਕਰਾਰ ਦਿੱਤਾ।
ਰੋਮਾਣਾ ਨੇ ਵਿਦਿਆਰਥੀ ਆਗੂਆਂ ਨੂੰ ਭਰੋਸਾ ਦਵਾਇਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਜਲਦ ਯੂਨੀਵਰਸਿਟੀ ਦਾ ਦੌਰਾ ਕਰਨਗੇ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਦੇ ਵਰਕਰ ਵੀ ਵਿਦਿਆਰਥੀਆਂ ਦੇ ਨਾਲ ਮਿਲ ਕੇ ਨਿਆਂ ਲਈ ਸੰਘਰਸ਼ ਕਰਨਗੇ। “ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਾਂ ਅਤੇ ਇਸ ਮੁੱਦੇ ਨੂੰ ਤਰਕਸੰਗਤ ਅੰਤ ਤੱਕ ਲੈ ਕੇ ਜਾਵਾਂਗੇ,” ਉਹਨਾਂ ਜੋੜਿਆ।
ਅਕਾਲੀ ਆਗੂ ਨੇ ਭਾਜਪਾ-ਆਰ.ਐਸ.ਐਸ. ਦੇ ਏਜੰਡੇ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਯੂਨੀਵਰਸਿਟੀ ਅਤੇ ਪੰਜਾਬ ਦੇ ਕਾਲਜਾਂ ਵਿੱਚ ਸਿੱਖਿਆ ਦੇ ਸਮੱਗਰੀ ਤੱਕ ’ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਹਨਾਂ ਦਾ ਕਹਿਣਾ ਸੀ ਕਿ ਪ੍ਰੋਫੈਸਰਾਂ ਅਤੇ ਪ੍ਰਿੰਸੀਪਲਾਂ ਦੀ ਨਿਯੁਕਤੀ ਵੀ ਇਸ ਏਜੰਡੇ ਦਾ ਹਿੱਸਾ ਹੈ, ਜਿਸ ਰਾਹੀਂ ਸਿੱਖਿਆ ਪ੍ਰਣਾਲੀ ’ਚ ਹਸਤੀਖ਼ੋਰੀ ਕੀਤੀ ਜਾ ਰਹੀ ਹੈ।
ਰੋਮਾਣਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਸੇ ਦੇ ਅਧਿਕਾਰਾਂ ’ਤੇ ਲਗਾਤਾਰ ਹੱਕ ਜਤਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਮਾਮਲੇ ਦਾ ਹਵਾਲਾ ਦਿੰਦਿਆਂ ਉਹਨਾਂ ਦੱਸਿਆ ਕਿ ਕੇਂਦਰ ਨੇ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਪੂਰਨਕਾਲਿਕ ਡਾਇਰੈਕਟਰ ਲਗਾ ਕੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਹੁਣ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਚੋਣਾਂ ਨੂੰ ਖਤਮ ਕਰਕੇ ਅਤੇ ਸੈਨੇਟ ਵਿੱਚ ਕੇਂਦਰੀ ਨਾਮਜ਼ਦ ਮੈਂਬਰਾਂ ਨੂੰ ਸ਼ਾਮਲ ਕਰਕੇ ਇਹੀ ਤਰੀਕਾ ਅਪਣਾਇਆ ਜਾ ਰਿਹਾ ਹੈ।
ਰੋਮਾਣਾ ਨੇ ਯੂਥ ਅਕਾਲੀ ਦਲ ਦੇ ਆਗੂ ਚੇਤਨ ਚੌਧਰੀ ਅਤੇ ਸਾਥੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੇ ਯਤਨਾਂ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਹ ਵਿਵਾਦਗ੍ਰਸਤ ਹੁਕਮ ਵਾਪਸ ਲੈਣਾ ਪਿਆ ਜਿਸ ਤਹਿਤ ਵਿਦਿਆਰਥੀਆਂ ਤੋਂ ਹਲਫ਼ੀਆ ਬਿਆਨ ਲਏ ਜਾ ਰਹੇ ਸਨ ਕਿ ਉਹ ਕਦੇ ਵੀ ਰੋਸ ਪ੍ਰਦਰਸ਼ਨ ਨਹੀਂ ਕਰਨਗੇ।
Get all latest content delivered to your email a few times a month.