ਤਾਜਾ ਖਬਰਾਂ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਲਈ ਅੱਜ ਦਾ ਦਿਨ ਕਾਫ਼ੀ ਅਹਿਮ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਮਹੱਤਵਪੂਰਨ ਸੁਣਵਾਈ ਹੋਣ ਜਾ ਰਹੀ ਹੈ।
ਦੂਜੇ ਪਾਸੇ, ਵਿਜੀਲੈਂਸ ਬਿਊਰੋ ਨੇ ਇਸ ਕੇਸ ਵਿੱਚ ਸਖ਼ਤੀ ਵਧਾਉਂਦੇ ਹੋਏ ਮਜੀਠੀਆ ਦੇ ਸਾਲੇ ਨੂੰ ਪੁੱਛ-ਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਮੁਹਾਲੀ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਬਿਊਰੋ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਦਿੰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ ਅਤੇ ਲੰਬੀ ਜਾਂਚ
ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਨਾਲੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਮਾਮਲੇ ਨਾਲ ਸਬੰਧਤ ਅਹਿਮ ਸਬੂਤ ਜੁਟਾਏ ਸਨ।
700 ਕਰੋੜ ਦੀ ਬੇਨਾਮੀ ਜਾਇਦਾਦ ਦਾ ਖੁਲਾਸਾ
ਇਸ ਕੇਸ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਵਿੱਚ, ਵਿਜੀਲੈਂਸ ਨੇ 22 ਅਗਸਤ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ। ਇਹ ਦੋਸ਼ ਪੱਤਰ ਕਰੀਬ 40 ਹਜ਼ਾਰ ਪੰਨਿਆਂ ਦਾ ਦੱਸਿਆ ਜਾਂਦਾ ਹੈ, ਜਿਸ ਵਿੱਚ ਦਸਤਾਵੇਜ਼ੀ ਸਬੂਤਾਂ ਤੋਂ ਇਲਾਵਾ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਹਨ।
ਚਾਰਜਸ਼ੀਟ ਵਿੱਚ ਏਜੰਸੀ ਨੇ 700 ਕਰੋੜ ਰੁਪਏ ਤੋਂ ਵੱਧ ਦੀ ਗੈਰ-ਕਾਨੂੰਨੀ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਜਾਇਦਾਦ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਹੋਣ ਦਾ ਦਾਅਵਾ ਕੀਤਾ ਗਿਆ ਹੈ। ਜਾਂਚ ਅਧਿਕਾਰੀਆਂ ਨੇ ਪੁਲਿਸ ਅਫ਼ਸਰਾਂ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਬਿਆਨ ਵੀ ਦਰਜ ਕੀਤੇ ਹਨ, ਜੋ ਚਾਰਜਸ਼ੀਟ ਦਾ ਹਿੱਸਾ ਹਨ।
ਵਿਜੀਲੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿਰਧਾਰਿਤ ਸਮੇਂ ਅੰਦਰ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਸੀ। ਹੁਣ ਅਦਾਲਤੀ ਕਾਰਵਾਈ ਦੇ ਨਾਲ-ਨਾਲ ਉਨ੍ਹਾਂ ਦੇ ਸਾਲੇ ਨੂੰ ਤਲਬ ਕਰਨਾ ਇਸ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਵੱਲ ਇਸ਼ਾਰਾ ਕਰਦਾ ਹੈ।
Get all latest content delivered to your email a few times a month.