ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਚਲਾਏ ਜਾ ਰਹੇ ਸਿਆਸੀ ਪ੍ਰਚਾਰ ਦੌਰਾਨ ਵਰਤੇ ਬੈਨਰਾਂ 'ਤੇ ਸਿੱਖ ਧਰਮ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦੀ ਗਲਤ ਵਰਤੋਂ ਦੀ ਤਿੱਖੀ ਨਿੰਦਾ ਕੀਤੀ ਹੈ। ਧਾਮੀ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਨੇ ਆਪਣੇ ਪ੍ਰਚਾਰਕ ਬੈਨਰਾਂ 'ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਜੀ ਦੀ ਪਵਿੱਤਰ ਤਸਵੀਰ ਦੇ ਉੱਪਰ ਆਪਣੇ ਸਿਆਸੀ ਆਗੂਆਂ ਦੀਆਂ ਤਸਵੀਰਾਂ ਛਾਪ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗੰਭੀਰ ਸੱਟ ਮਾਰੀ ਹੈ।
ਐਡਵੋਕੇਟ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਅਮਾਨਵੀ ਅਤੇ ਅਖਲਾਕੀ ਦ੍ਰਿਸ਼ਟੀਕੋਣ ਤੋਂ ਪੂਰੀ ਤਰ੍ਹਾਂ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਵੀ ਵਿਅਕਤੀ ਦੀ ਫੋਟੋ ਲਗਾਉਣਾ ਇਕ ਵੱਡੀ ਕੁਤਾਹੀ ਹੈ ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਤੁਰੰਤ ਸਿੱਖ ਕੌਮ ਪਾਸੋਂ ਖੁੱਲ੍ਹੀ ਮੁਆਫੀ ਮੰਗਣ ਦੀ ਮੰਗ ਕੀਤੀ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਇਸ ਮਾਮਲੇ ਦੀ ਗੰਭੀਰ ਜਾਂਚ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਫੌਜਦਾਰੀ ਪਰਚਾ ਦਰਜ ਕੀਤਾ ਜਾਵੇ। ਧਾਮੀ ਨੇ ਸਪੱਸ਼ਟ ਕਿਹਾ ਕਿ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਆਪਣਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਸਿੱਖ ਗੁਰੂਆਂ ਜਾਂ ਸ਼ਹੀਦਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਦਾ ਕੋਈ ਹੱਕ ਨਹੀਂ ਹੈ।
Get all latest content delivered to your email a few times a month.