ਤਾਜਾ ਖਬਰਾਂ
ਕੈਨੇਡਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀਆਂ ਨੂੰ ਡਰਾਉਣ-ਧਮਕਾਉਣ ਵਾਲੇ ਗੈਂਗਸਟਰਾਂ 'ਤੇ ਕੈਨੇਡਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕਪਿਲ ਸ਼ਰਮਾ ਦੇ 'KAP’S ਕੈਫ਼ੇ' 'ਤੇ ਦੋ ਵਾਰ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਸ਼ਾਮਲ 3 ਮੁਲਜ਼ਮਾਂ ਨੂੰ ਕੈਨੇਡਾ ਤੋਂ ਡਿਪੋਰਟ (ਦੇਸ਼ ਨਿਕਾਲਾ) ਕਰ ਦਿੱਤਾ ਗਿਆ ਹੈ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇਨ੍ਹਾਂ 3 ਗੈਂਗ ਮੈਂਬਰਾਂ ਨੂੰ ਦੇਸ਼ ਵਿੱਚੋਂ ਕੱਢਣ ਦਾ ਫੈਸਲਾ ਲਿਆ, ਜੋ ਕਪਿਲ ਸ਼ਰਮਾ ਸਮੇਤ ਕਈ ਹੋਰ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਸਨ। ਹਾਲਾਂਕਿ, ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਅਜੇ ਜ਼ਾਹਿਰ ਨਹੀਂ ਕੀਤੀ ਗਈ ਹੈ।
ਕਾਰੋਬਾਰੀਆਂ ਨੂੰ ਬਣਾਇਆ ਜਾ ਰਿਹਾ ਸੀ ਨਿਸ਼ਾਨਾ
ਇਹ ਗੈਂਗ ਮੈਂਬਰ ਸਰੀ, ਲੋਅਰ ਮੇਨਲੈਂਡ ਅਤੇ ਫਰੇਜ਼ਰ ਵੈਲੀ ਖੇਤਰਾਂ ਵਿੱਚ ਵਾਰ-ਵਾਰ ਭਾਰਤੀ ਮੂਲ ਦੇ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਨਿਸ਼ਾਨਾ ਬਣਾ ਰਹੇ ਸਨ। ਕਪਿਲ ਸ਼ਰਮਾ ਦੇ ਕੈਫ਼ੇ 'ਤੇ ਹੋਈ ਫਾਇਰਿੰਗ ਤੋਂ ਬਾਅਦ, ਉਨ੍ਹਾਂ ਵੱਲੋਂ ਇੱਕ ਭਾਵੁਕ ਪੋਸਟ ਵੀ ਪਾਈ ਗਈ ਸੀ, ਜਿਸ ਵਿੱਚ ਉਨ੍ਹਾਂ ਜ਼ਿਕਰ ਕੀਤਾ ਸੀ ਕਿ ਇਸ ਘਟਨਾਕ੍ਰਮ ਨੇ ਉਨ੍ਹਾਂ ਨੂੰ ਅੰਦਰੋਂ ਤੋੜ ਕੇ ਰੱਖ ਦਿੱਤਾ ਹੈ।
ਡਿਪੋਰਟੇਸ਼ਨ ਨਾਲ ਵੱਡਾ ਸੰਦੇਸ਼
ਕੈਨੇਡਾ ਸਰਕਾਰ ਵੱਲੋਂ ਗੈਂਗ ਦੇ 3 ਮੈਂਬਰਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਸਰਕਾਰ ਸੰਗਠਿਤ ਅਪਰਾਧ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਸਖ਼ਤ ਕਾਰਵਾਈ ਨਾਲ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਕਾਰੋਬਾਰੀ ਭਾਈਚਾਰੇ ਨੂੰ ਕੁਝ ਹੱਦ ਤੱਕ ਰਾਹਤ ਮਿਲਣ ਦੀ ਉਮੀਦ ਹੈ।
Get all latest content delivered to your email a few times a month.