ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵੱਲ ਰਵਾਨਾ ਹੋਇਆ।
ਇਸ ਪਵਿੱਤਰ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸਿੰਘ ਸਾਹਿਬਾਨ, ਧਾਰਮਿਕ ਆਗੂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਵਿਚ ਅਰਦਾਸ ਉਪਰੰਤ, ਗਿਆਨੀ ਕੇਵਲ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ।
ਇਸ ਮੌਕੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਐਡਵੋਕੇਟ ਧਾਮੀ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦੇ ਕੇ ਸੰਸਾਰ ਨੂੰ ਧਾਰਮਿਕ ਅਜ਼ਾਦੀ ਦਾ ਅਮੋਲਕ ਸੰਦਿਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤਾਂ ਅਨੁਸਾਰ ਹੀ ਸਿੱਖ ਕੌਮ ਅੱਜ ਵੀ ਮਨੁੱਖਤਾ ਦੀ ਭਲਾਈ ਲਈ ਅਡੋਲ ਖੜੀ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਉਸ ਨੂੰ ਹੁਣ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਹੋਰ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।
ਨਗਰ ਕੀਰਤਨ ਦੀ ਰਵਾਨਗੀ ਦੌਰਾਨ ਸੰਗਤਾਂ ਵੱਲੋਂ ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਗੁਰੂ ਸਾਹਿਬ ਦੇ ਪਾਵਨ ਸਰੂਪ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਘੰਟਾ ਘਰ ਪਲਾਜ਼ਾ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਲਾਮੀ ਦਿੱਤੀ ਗਈ।
ਇਸ ਸਮਾਗਮ ਦੌਰਾਨ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਨਾਹਰ ਸਿੰਘ ਸਾਧ ਜੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ ਸਮੇਤ ਕਈ ਪ੍ਰਮੁੱਖ ਵਿਅਕਤੀ ਹਾਜ਼ਰ ਰਹੇ। ਪ੍ਰਬੰਧਕੀ ਪੱਖੋਂ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਕਈ ਅਧਿਕਾਰੀ ਵੀ ਸੇਵਾ ਵਿਚ ਹਾਜ਼ਰ ਰਹੇ।
ਇਸ ਨਗਰ ਕੀਰਤਨ ਨੇ ਜਿਥੇ ਸਿੱਖ ਸੰਗਤਾਂ ਨੂੰ ਜੋੜਿਆ ਹੈ ਉਥੇ ਹੀ ਹੋਰ ਧਰਮਾਂ ਦੇ ਲੋਕਾਂ ਨੇ ਵੀ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਤਿਕਾਰ ਨਾਲ ਯਾਦ ਕੀਤਾ।
Get all latest content delivered to your email a few times a month.