IMG-LOGO
ਹੋਮ ਪੰਜਾਬ: ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ...

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

Admin User - Nov 08, 2025 07:01 PM
IMG

ਬਟਾਲਾ (ਗੁਰਦਾਸਪੁਰ), 8 ਨਵੰਬਰ-

ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਦਾ ਨੀਂਹ ਪੱਥਰ 4 ਜਨਵਰੀ, 2024 ਨੂੰ ਰੱਖਿਆ ਗਿਆ ਸੀ ਅਤੇ ਇਹ ਇੱਕ ਏਕੜ ਤੇ ਸਾਢੇ ਪੰਜ ਕਨਾਲ ਦੇ ਖੇਤਰ ਵਿੱਚ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਦੇ ਦਫ਼ਤਰਾਂ ਦੇ ਨਾਲ ਇੱਕ ਨਾਗਰਿਕ ਸੇਵਾ ਕੇਂਦਰ ਵੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਵਿੱਚ ਬੈਠਣ ਲਈ ਆਰਾਮਦਾਇਕ ਪ੍ਰਬੰਧ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਇੱਕ ਸ਼ਾਨਦਾਰ ਵੇਟਿੰਗ ਰੂਮ ਵੀ ਬਣਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਜੁਡੀਸ਼ੀਅਲ ਕੰਪਲੈਕਸ ਅਤੇ ਪੁਲਿਸ ਲਾਈਨ ਦੇ ਨੇੜੇ ਸਥਿਤ ਹੈ, ਜਿਸ ਨਾਲ ਵਸਨੀਕਾਂ ਲਈ ਪ੍ਰਸ਼ਾਸਨਿਕ ਕੰਮ ਆਸਾਨ ਹੋ ਜਾਵੇਗਾ।


ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ 'ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ 'ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। 


ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।


ਇੱਕ ਹੋਰ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਲਗਭਗ 140 ਕਸਬਿਆਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 70 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ 23-25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਮੇਤ ਵੱਡੇ ਸਮਾਗਮ ਉਲੀਕੇ ਗਏ ਹਨ।


ਮੁੱਖ ਮੰਤਰੀ ਨੇ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਅਤੇ ਵੋਟ ਚੋਰੀ 'ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸ ਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਭੱਦੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵੜਿੰਗ ਨੇ ਅਜਿਹਾ ਬੇਬੁਨਿਆਦ ਬਿਆਨ ਦਿੱਤਾ ਹੈ ਜਦੋਂ ਕਿ ਇਹ ਸ਼ੁਰੂ ਤੋਂ ਹੀ ਇਨ੍ਹਾਂ ਹੰਕਾਰੀ ਆਗੂਆਂ ਦੀ ਆਦਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿੱਚ) ਵਰਗੇ ਅਤੇ ਹੋਰਾਂ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਸਦਕਾ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ ਲਗਭਗ 2 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।


ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.