ਤਾਜਾ ਖਬਰਾਂ
ਚੰਡੀਗੜ੍ਹ, 14 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।
ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ ਗਿਆ।
ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਿਲ ਹੋਏ। ਇਸ ਤੋਂ ਇਲਾਵਾ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ।
ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।
Get all latest content delivered to your email a few times a month.