ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਅਤੇ ਉਸਦੇ ਦੋ ਸਾਥੀਆਂ—ਫੈਲੋਕੇ ਦੇ ਗੁਰਜਿੰਦਰ ਸਿੰਘ ਅਤੇ ਝਬਾਲ ਦੇ ਰਜਿੰਦਰ ਸਿੰਘ—ਨੂੰ ਅੱਜ ਦੁਬਾਰਾ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇਸ ਦੀ ਅਗਲੀ ਜਾਂਚ ਲਈ ਨਛੱਤਰ ਸਿੰਘ ਗਿੱਲ ਦਾ ਪੁਲਿਸ ਰਿਮਾਂਡ ਇੱਕ ਦਿਨ ਲਈ ਵਧਾ ਦਿੱਤਾ ਹੈ, ਜਦਕਿ ਉਸਦੇ ਦੋਨਾਂ ਸਾਥੀਆਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਨਛੱਤਰ ਸਿੰਘ ਗਿੱਲ ਦੀ ਪੇਸ਼ੀ ਦੌਰਾਨ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਅਦਾਲਤ ਵਿੱਚ ਹਾਜ਼ਰ ਰਹੇ। ਅਦਾਲਤ ਨੇ ਪੁਲਿਸ ਨੂੰ ਇਹ ਵੀ ਹੁਕਮ ਦਿੱਤਾ ਕਿ ਮੰਗਲਵਾਰ ਦਿਨ ਦੁਪਹਿਰ 3 ਵਜੇ ਤੱਕ ਨਛੱਤਰ ਗਿੱਲ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਯਾਦ ਰਹੇ ਕਿ ਤਰਨਤਾਰਨ ਪੁਲਿਸ ਵੱਲੋਂ ਸ਼ਨੀਵਾਰ ਨੂੰ ਤਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਮਾਮਲੇ ਨੇ ਰਾਜਨੀਤਿਕ ਤਣਾਅ ਵੀ ਪੈਦਾ ਕਰ ਦਿੱਤਾ ਹੈ। ਦੂਜੇ ਪਾਸੇ, ਅਕਾਲੀ ਦਲ ਵੱਲੋਂ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੁਲਿਸ ਨੇ ਨਛੱਤਰ ਗਿੱਲ ਨੂੰ ਗਲਤ ਢੰਗ ਨਾਲ ਹਿਰਾਸਤ ਵਿੱਚ ਰੱਖਿਆ ਹੋਇਆ ਹੈ ਤੇ ਇਸ ਪੂਰੇ ਪ੍ਰਕਿਰਿਆ ਵਿੱਚ ਕਾਨੂੰਨੀ ਕਾਰਵਾਈ ਦੀ ਉਲੰਘਣਾ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਸ਼ੁੱਕਰਵਾਰ ਤੱਕ ਇਸ ਪਟੀਸ਼ਨ ਦਾ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ।
ਇਹ ਪਟੀਸ਼ਨ ਸ਼ਨੀਵਾਰ ਸ਼ਾਮ 6:15 ਵਜੇ ਦਾਇਰ ਕੀਤੀ ਗਈ ਸੀ ਅਤੇ ਅੱਜ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਕੀਤੀ। ਇਸਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਦੀ ਤੀਖੀ ਨਿਖੇਧੀ ਕੀਤੀ ਹੈ। ਬਾਦਲ ਦਾ ਕਹਿਣਾ ਹੈ ਕਿ ਸਰਕਾਰ ਨੇ ਜ਼ਿਮਨੀ ਚੋਣਾਂ ਵਿੱਚ ਫਾਇਦਾ ਲੈਣ ਲਈ ਕਾਨੂੰਨ ਦਾ ਦੁਰਵਿਅੱਖਿਆ ਕੀਤੀ ਹੈ ਅਤੇ ਹੁਣ ਅਕਾਲੀ ਵਰਕਰਾਂ ਤੇ ਝੂਠੇ ਕੇਸ ਮੜ੍ਹੇ ਜਾ ਰਹੇ ਹਨ।
Get all latest content delivered to your email a few times a month.