ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸਵੇਰੇ ਦੂਸਰਾ ਪੜਾਅ ਪਾਰ ਕਰਕੇ ਆਨੰਦਪੁਰ ਸਾਹਿਬ ਲਈ ਅਗਲੇਰੀ ਯਾਤਰਾ 'ਤੇ ਰਵਾਨਾ ਹੋ ਗਿਆ। ਇਹ ਇਤਿਹਾਸਿਕ ਨਗਰ ਕੀਰਤਨ ਜੰਮੂ-ਕਸ਼ਮੀਰ ਦੇ ਮਟਨ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ਼ੁਰੂ ਹੋਇਆ ਸੀ ਅਤੇ ਦੂਸਰੇ ਪੜਾਅ ਵਜੋਂ ਡੇਰਾ ਬਾਬਾ ਬਲਵੰਤ ਸਿੰਘ ਵਿਖੇ ਪਹੁੰਚਿਆ ਸੀ।
ਅਗਲੇ ਪੜਾਅ ਲਈ ਅਰਦਾਸ ਉਪਰੰਤ ਰਵਾਨਗੀ
ਡੇਰਾ ਬਾਬਾ ਬਲਵੰਤ ਸਿੰਘ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ਅੰਮ੍ਰਿਤ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ, ਹਰਜਿੰਦਰ ਸਿੰਘ ਧਾਮੀ, ਅਤੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਅਗਲੇ ਪੜਾਅ ਲਈ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ।
'ਇਹ ਇਤਿਹਾਸਿਕ ਨਗਰ ਕੀਰਤਨ ਹੈ' - ਸੰਤ ਬਾਬਾ ਗੁਰਦਿਆਲ ਸਿੰਘ
ਇਸ ਮੌਕੇ 'ਤੇ ਬੋਲਦਿਆਂ ਤੱਪ ਸਥਾਨ ਬਾਬਾ ਬਲਵੰਤ ਸਿੰਘ ਜੀ ਦੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਇਸ 350 ਸਾਲਾ ਸ਼ਹੀਦੀ ਸਮਾਗਮ ਨਗਰ ਕੀਰਤਨ ਨੂੰ ਇੱਕ ਬਹੁਤ ਇਤਿਹਾਸਿਕ ਘਟਨਾ ਦੱਸਿਆ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।
ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਹੋਰ ਸਮਾਗਮਾਂ ਦਾ ਆਯੋਜਨ ਕਰਨਾ ਬਹੁਤ ਹੀ ਸਲਾਘਾਯੋਗ ਸੇਵਾ ਦਾ ਕਾਰਜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਵੱਲੋਂ ਕੀਤੀ ਗਈ ਮਹਾਨ ਸ਼ਹੀਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਸਿਰੋਪਾਓ ਦੇ ਕੇ ਸਨਮਾਨ
ਇਸ ਸ਼ੁਭ ਅਵਸਰ 'ਤੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਉਨ੍ਹਾਂ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਨਗਰ ਕੀਰਤਨ ਅਤੇ ਹੋਰ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਸੇਵਾ ਦਾ ਯੋਗਦਾਨ ਪਾਉਣ ਲਈ ਅੱਗੇ ਆਉਣ।
Get all latest content delivered to your email a few times a month.