IMG-LOGO
ਹੋਮ ਪੰਜਾਬ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ...

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ...

Admin User - Nov 19, 2025 06:10 PM
IMG

ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ- ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ।

ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ। 

ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।   

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ  ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕ੍ਰਿਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਮੁੱਖ ਮੰਤਰੀ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਭਾਈਚਾਰ ਸਾਂਝ ਦਾ ਵਿਸ਼ਵਵਿਆਪੀ ਸੰਦੇਸ਼ ਸਮਕਾਲੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਵਿੱਚ ਅਜੋਕੇ ਦੌਰ ਵਿੱਚ ਵੀ ਪ੍ਰਸੰਗਿਕ ਹੈ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਾਨ ਵਿਚਾਰਧਾਰਾ ਪੂਰੇ ਦੇਸ਼ ਨੂੰ ਅਟੁੱਟ ਸਮਾਜਿਕ ਤਾਣੇ-ਬਾਣੇ ਨਾਲ ਜੋੜਨ ਲਈ ਏਕਤਾ ਦੀ ਤਾਕਤ ਵਜੋਂ ਉਭਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਜੀ ਦੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਮਹਾਨ ਪਰੰਪਰਾਵਾਂ ਨੂੰ ਕਾਇਮ ਰੱਖਣ ਵਿੱਚ ਮਿਸਾਲੀ ਯੋਗਦਾਨ ਬਾਰੇ ਯਾਦ ਦਿਵਾਇਆ, ਜਿਸ ਲਈ ਉਨ੍ਹਾਂ ਨੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਵਿੱਤਰ ਮੌਕੇ 'ਤੇ ਮਹਾਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕਰਨ ਲਈ ਉਪਰਾਲੇ ਕੀਤੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਉਹ ਜੰਮੂ-ਕਸ਼ਮੀਰ ਵਿੱਚ ਸਿੱਖ ਭਾਈਚਾਰੇ ਦੀ ਸਮਰਪਣ ਅਤੇ ਸ਼ਰਧਾ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਇਸ ਇਤਿਹਾਸਕ ਸਮਾਗਮ ਵਿੱਚ ਸੰਗਤ ਨਾਲ ਹਾਜ਼ਰੀ ਭਰਨ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚਮੁੱਚ ਸਮੁੱਚੇ ਸਿੱਖ ਭਾਈਚਾਰੇ ਅਤੇ ਖਾਸ ਤੌਰ ’ਤੇ ਜੰਮੂ-ਕਸ਼ਮੀਰ ਦੇ ਸਿੱਖਾਂ ਲਈ ਮਾਣ ਵਾਲੇ ਪਲ ਹਨ, ਜੋ ਸਾਡੇ ਸਾਰਿਆਂ ਵੱਲੋਂ ਵਿਸ਼ੇਸ਼ ਧੰਨਵਾਦ ਦੇ ਹੱਕਦਾਰ ਹਨ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਇਸ ਮਹਾਨ ਕਾਰਜ ਨੂੰ ਸੰਭਵ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿੱਖ ਸੰਗਤ ਦਾ ਨਿੱਜੀ ਤੌਰ 'ਤੇ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਖ-ਵੱਖ ਸੂਬਿਆਂ ਵਿੱਚ ਸਮਾਗਮ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਹੋਈ ਸੀ ਅਤੇ ਇਸੇ ਦਿਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਸੀ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਗਿਆ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਨਗਰਾਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਅਤੇ 18 ਨਵੰਬਰ ਨੂੰ ਸ੍ਰੀਨਗਰ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਨਗਰ ਕੀਰਤਨ ਸਜਾਏ ਜਾ ਰਹੇ ਹਨ ਅਤੇ ਅੱਜ ਪਹਿਲੇ ਨਗਰ ਕੀਰਤਨ ਦੀ ਆਰੰਭਤਾ ਇਸ ਧਰਤੀ ਤੋਂ ਸ਼ੁਰੂ ਹੋਈ ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਮੁੱਖ ਮੰਤਰੀ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ ਪਵਿੱਤਰ ਸ਼ਹਿਰ ਵਿਖੇ "ਚੱਕ ਨਾਨਕੀ" ਨਾਮਕ "ਟੈਂਟ ਸਿਟੀ" ਸਥਾਪਤ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਅੰਤਰ-ਧਰਮ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ 'ਤੇ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸ਼ਾਲ "ਸਰਬੱਤ ਦਾ ਭਲਾ ਇੱਕਤਰਤਾ" ਵਿੱਚ ਕਈ ਉੱਘੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਅੱਗੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਬਾਰੇ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਦੇਸ਼-ਵਿਦੇਸ਼ ਵਿੱਚ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਵਾਲੇ, ਗੁਰਦੁਆਰਾ ਛੇਵੀਂ ਪਾਤਸ਼ਾਹੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਤੇ ਸਕੱਤਰ ਗੁਰਮੀਤ ਸਿੰਘ ਅਤੇ ਸੰਤ-ਮਹਾਂਪੁਰਸ਼ ਹਾਜ਼ਰ ਸਨ। 

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਜੀਤ ਕੌਰ, ਲਾਲ ਚੰਦ ਕਟਾਰੂਚੱਕ ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਡਾ. ਰਵਜੋਤ ਅਤੇ ਹਰਦੀਪ ਸਿੰਘ ਮੁੰਡੀਆਂ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਗੁਰਮੀਤ ਸਿੰਘ ਮੀਤ ਹੇਅਰ ਤੇ ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.