ਤਾਜਾ ਖਬਰਾਂ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਦਿੱਲੀ–ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬ ਪੁਲਿਸ ਨੇ ਇੱਕ ਵੱਡੀ ਅੱਤਵਾਦ ਰੋਧਕ ਕਾਰਵਾਈ ਅੰਜਾਮ ਦਿੱਤੀ। ਜਾਣਕਾਰੀ ਅਨੁਸਾਰ, ਇਹ ਮੁਕਾਬਲਾ ਉਸ ਵੇਲੇ ਭੜਕਿਆ ਜਦੋਂ ਪੁਲਿਸ ਨੇ ਇੱਕ ਟੈਰਰ ਮੋਡਿਊਲ ਨੂੰ ਘੇਰ ਕੇ ਗਿਰਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਇੱਕ ਦਿਨ ਪਹਿਲਾਂ ਹਰਿਆਣਾ ਅਤੇ ਬਿਹਾਰ ਤੋਂ ਸੰਬੰਧਿਤ ਦੋ ਸ਼ੱਕੀ ਅੱਤਵਾਦੀਆਂ ਨੂੰ ਹੈਂਡ ਗ੍ਰਨੇਡਾਂ ਸਮੇਤ ਕਾਬੂ ਕੀਤਾ ਸੀ। ਪ੍ਰਾਰੰਭਿਕ ਪੁੱਛਗਿੱਛ ਦੌਰਾਨ ਉਨ੍ਹਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਇਸ ਗਿਰੋਹ ਦੀ ਪਛਾਣ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਰਣਨੀਤੀਕ ਤਰੀਕੇ ਨਾਲ ਜਾਲ ਤਾਣ ਕੇ ਬਾਕੀ ਸਦੱਸਾਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕੀਤੀ।
ਜਦੋਂ ਪੁਲਿਸ ਟੀਮ ਨੇ ਮੋਡਿਊਲ ਨੂੰ ਘੇਰਿਆ, ਤਦ ਉਹਨਾਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਵੀ ਜਵਾਬੀ ਫਾਇਰ ਕੀਤਾ ਗਿਆ, ਜਿਸ ਦੌਰਾਨ ਦੋ ਅੱਤਵਾਦੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਪਾਕਿਸਤਾਨ ਦੀ ਆਈਐਸਆਈ ਦੇ ਸਹਿਯੋਗ ਨਾਲ ਕੰਮ ਕਰ ਰਿਹਾ ਸੀ ਅਤੇ ਰਾਜ ਵਿੱਚ ਕੋਈ ਵੱਡੀ ਦਹਿਸ਼ਤਗਰਦਾਨਾ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਸੀ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਜਾਂਚ ਜਾਰੀ ਹੋਣ ਕਰਕੇ ਉਹ ਇਸ ਵੇਲੇ ਹੋਰ ਕੋਈ ਵਿਸਥਾਰ ਜ਼ਾਹਿਰ ਨਹੀਂ ਕਰ ਸਕਦੇ।
ਇਸ ਤੋਂ ਬਾਅਦ ਇਲਾਕੇ ਦੀ ਪੂਰੀ ਘੇਰਾਬੰਦੀ ਕਰਕੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਮੋਕੇ ਤੋਂ ਮਹੱਤਵਪੂਰਨ ਸਬੂਤ ਇਕੱਠੇ ਕਰਕੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
Get all latest content delivered to your email a few times a month.