ਤਾਜਾ ਖਬਰਾਂ
ਅਨੰਦਪੁਰ ਸਾਹਿਬ, 23 ਨਵੰਬਰ-
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕੀਤੀ।
ਅਨੰਦਪੁਰ ਸਾਹਿਬ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦ੍ਰਿੜਤਾ ਨਾਲ ਕਿਹਾ ਕਿ ਸੂਬੇ ਦੇ 24 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਏ ਚੰਡੀਗੜ੍ਹ ਸ਼ਹਿਰ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਦੋ-ਪੱਖੀ ਲੜਾਈ ਲੜੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਲੜਾਈ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਸਾਥ ਨਾਲ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।
ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ "ਹਿਟਲਰ ਦੀ ਸੋਚ" ‘ਤੇ ਚੱਲ ਕੇ ਦੇਸ਼ ਦੇ ਲੋਕਤੰਤਰੀ ਅਤੇ ਸੰਘੀ ਢਾਂਚੇ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਦੇਸ਼ ਦੇ ਲੋਕ ਧਾਰਮਿਕ ਆਜ਼ਾਦੀ ਅਤੇ ਕੌਮੀ ਏਕਤਾ ਦੀ ਭਾਵਨਾ ਨੂੰ ਹੋਰ ਦ੍ਰਿੜ ਕਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੀ ਹੈ, ਤਾਂ ਓਸ ਵੇਲੇ ਵੀ ਅਜਿਹੀ ਸਾਜ਼ਿਸ਼ ਰਚਣ ਤੋਂ ਮੰਦਭਾਗਾ ਹੋਰ ਕੁਝ ਨਹੀਂ ਹੋ ਸਕਦਾ।
ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਨੂੰ ਕਾਲੇ ਦਿਨਾਂ ਵੱਲ ਧੱਕਣਾ ਚਾਹੁੰਦੀ ਹੈ। ਉਨ੍ਹਾਂ ਨੇ ਭਾਜਪਾ ਵੱਲੋਂ ਲਗਾਤਾਰ ਅਪਣਾਈਆਂ ਜਾ ਰਹੀਆਂ ਪੰਜਾਬ ਵਿਰੋਧੀ ਕਾਰਵਾਈਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੇ ਇਰਾਦੇ ਨਾਲ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਤੋਂ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਰਾਹੀਂ ਪੰਜਾਬ ਦੇ ਹਿੱਤਾਂ ਅਣਗੌਲਿਆਂ ਕਰਨਾ, ਪੰਜਾਬ ਯੂਨੀਵਰਸਿਟੀ ਦੀ ਸੈਨੇਟ 'ਤੇ ਕਬਜ਼ਾ ਕਰਨ ਦੀ ਮੰਦਭਾਗੀ ਕੋਸ਼ਿਸ਼ ਜੋ ਸਿੱਧੇ ਤੌਰ 'ਤੇ ਲਗਭਗ 200 ਕਾਲਜਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕਰ ਸਕਦੀ ਸੀ, ਅਤੇ ਹੁਣ ਚੰਡੀਗੜ੍ਹ ਨੂੰ ਖੋਹਣ ਦੀਆਂ ਘਟੀਆਂ ਚਾਲਾਂ ਭਾਜਪਾ ਦੀ ਘਟੀਆ ਮਾਨਸਿਕਤਾ ਨੂੰ ਸ਼ਰ੍ਹੇਆਮ ਬੇਨਕਾਬ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਇਹ ਵਾਰ-ਵਾਰ ਚੱਲੀਆਂ ਜਾ ਰਹੀਆਂ ਚਾਲਾਂ ਇਸਦੇ ਪੰਜਾਬ ਵਿਰੋਧੀ ਚਿਹਰੇ ਨੂੰ ਵੀ ਨੰਗਾ ਕਰਦੀਆਂ ਹਨ।
ਪੰਜਾਬ ਦੇ ਹਿੱਤਾਂ ਨੂੰ ਦਬਾਉਣ ਲਈ ਮੁਗਲਾਂ ਦੇ ਰਾਹ 'ਤੇ ਚੱਲਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਸੰਵਿਧਾਨਕ (131ਵੀਂ ਸੋਧ) ਬਿੱਲ ਪੇਸ਼ ਕਰਨ ਭਾਜਪਾ ਦੀ ਕੇਂਦਰ ਸਰਕਾਰ ਦੀ ਯੋਜਨਾ ਨੂੰ ਵਿਸ਼ੇਸ਼ ਤੌਰ 'ਤੇ ਉਜਾਗਰ ਕੀਤਾ। ਇਸ ਪ੍ਰਸਤਾਵਿਤ ਬਿੱਲ ਦਾ ਉਦੇਸ਼ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਦਾਇਰੇ ਵਿੱਚ ਲਿਆਉਣਾ ਹੈ, ਜੋ ਰਾਸ਼ਟਰਪਤੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸਿੱਧੇ ਤੌਰ 'ਤੇ ਕਾਨੂੰਨ ਬਣਾਉਣ ਦਾ ਅਧਿਕਾਰ ਦੇਵੇਗਾ, ਜਿਸਨੂੰ ਉਨ੍ਹਾਂ ਨੇ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਿਸ ਤਰ੍ਹਾਂ ਪੰਜਾਬ ਦੇ ਬਹਾਦਰ ਲੋਕਾਂ ਨੇ ਭਾਜਪਾ ਦੀਆਂ ਪਿਛਲੀਆਂ ਕੋਸ਼ਿਸ਼ਾਂ ਨੂੰ ਫੇਲ੍ਹ ਕੀਤਾ, ਉਸੇ ਤਰ੍ਹਾਂ ਉਹ ਇਸ ਘਟੀਆ ਕੋਸ਼ਿਸ਼ ਦਾ ਵੀ ਮੂੰਹ ਤੋੜ ਜਵਾਬ ਦੇਣਗੇ, ਜਿਸ ਨਾਲ ਭਾਜਪਾ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਠੋਸ ਸਬਕ ਮਿਲੇਗਾ।
ਭਾਜਪਾ ਵੱਲੋਂ ਲਗਾਤਾਰ ਪੰਜਾਬ ਵਿਰੋਧੀ ਏਜੰਡੇ ਦੀ ਤਿੱਖੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਸਖ਼ਤ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਦੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਨਾਲ ਮਿਲ ਕੇ ਪੰਜਾਬ ਦੇ ਹੱਕਾਂ ਨੂੰ ਢਾਹ ਲਾਉਣ ਦੀ ਕਿਸੇ ਵੀ ਸਾਜ਼ਿਸ਼ ਵਿਰੁੱਧ ਮੋਹਰਲੀ ਕਤਾਰ ਵਿੱਚ ਖੜ੍ਹ ਕੇ ਲੜਦੀ ਰਹੇਗੀ।
Get all latest content delivered to your email a few times a month.