ਤਾਜਾ ਖਬਰਾਂ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ।
ਇੱਥੋਂ ਦੇ ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਰਬੱਤ ਦਾ ਭਲਾ ਇਕੱਤਰਤਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਵਿੱਚ ਸਥਾਪਤ ਕੀਤੀ ਜਾਣ ਇਹ ਯੂਨੀਵਰਸਿਟੀ ਗੁਰੂ ਸਾਹਿਬ ਜੀ ਦੇ ਮਹਾਨ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਨੌਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ, ਮਹਾਨ ਜੀਵਨ ਅਤੇ ਫਲਸਫੇ ਦੇ ਬਾਰੇ ਡੂੰਘੀ ਖੋਜ ਲਈ ਬੇਹੱਦ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੱਕਾਰੀ ਸੰਸਥਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੀ ਸਾਕਾਰ ਮੂਰਤ ਸਨ ਕਿਉਂਕਿ ਗੁਰੂ ਸਾਹਿਬ ਜੀ ਨੇ ਮੁਲਕ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਮਹਾਨ ਬਲਿਦਾਨ ਦਿੱਤਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ 'ਹਿੰਦ ਦੀ ਚਾਦਰ'-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਆਤਮ-ਬਲੀਦਾਨ ਦੀ ਭਾਵਨਾ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਮਨੁੱਖੀ ਹੱਕਾਂ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਾਵਨ ਬਾਣੀ ਏਕਤਾ, ਵਿਸ਼ਵ-ਵਿਆਪੀ ਭਾਈਚਾਰੇ, ਧਾਰਮਿਕਤਾ, ਬਹਾਦਰੀ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ, ਜਿਸਦੀ ਪਾਲਣਾ ਸਾਰਿਆਂ ਨੂੰ ਕਰਨ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸੱਚਾਈ ਅਤੇ ਧਾਰਮਿਕ ਆਜ਼ਾਦੀ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਆਪਣੀ ਕੁਰਬਾਨੀ ਦਿੱਤੀ ਅਤੇ ਇਸ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੀ ਜਾ ਰਹੀ ਵਿਸ਼ਵ ਪੱਧਰੀ ਯੂਨੀਵਰਸਿਟੀ ਦੁਨੀਆ ਦੇ ਕੋਨੇ-ਕੋਨੇ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਦਾ ਪ੍ਰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵਿਤ ਯੂਨੀਵਰਸਿਟੀ ਇੱਕ ਪਾਸੇ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਅਤੇ ਦੂਜੇ ਪਾਸੇ ਲੋਕਾਂ ਦਰਮਿਆਨ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਿੱਤੀ ਗਈ ਕੁਰਬਾਨੀ ਬੇਮਿਸਾਲ ਹੈ ਅਤੇ ਅਜਿਹੀ ਉਦਾਹਰਨ ਦੁਨੀਆ ਦੇ ਕਿਸੇ ਹੋਰ ਇਤਿਹਾਸ ਵਿੱਚ ਨਹੀਂ ਮਿਲਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਤੋਂ ਪਹਿਲਾਂ ਸ਼ਾਸ਼ਕਾਂ ਵੱਲੋਂ ਭਾਰੀ ਜ਼ੁਲਮ ਕੀਤਾ ਜਾਂਦਾ ਸੀ ਪਰ ਗੁਰੂ ਸਾਹਿਬ ਕਦੇ ਵੀ ਅਜਿਹੀਆਂ ਚਾਲਾਂ ਅੱਗੇ ਨਹੀਂ ਝੁਕੇ ਅਤੇ ਧਾਰਮਿਕ ਆਜ਼ਾਦੀ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜਿਸ ਦੀ ਵਿਸ਼ਵ ਵਿੱਚ ਕੋਈ ਉਦਾਹਰਣ ਨਹੀਂ ਮਿਲਦੀ।
ਮੁੱਖ ਮੰਤਰੀ ਨੇ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਸੰਤ ਸਮਾਜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣਾ ਫਰਜ਼ ਪੂਰੀ ਤਨਦੇਹੀ ਅਤੇ ਸ਼ਰਧਾ ਭਾਵਨਾ ਨਾਲ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਵਿੱਤਰ ਸਥਾਨ 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਜੋ ਕਿ ਬੇਹੱਦ ਬੇਮਿਸਾਲ ਸੀ ਕਿਉਂਕਿ ਸਮੁੱਚੀ ਸੂਬਾ ਵਿਧਾਨ ਸਭਾ ਨੂੰ ਗੁਰੂ ਸਾਹਿਬ ਦੇ ਚਰਨਾਂ ਵਿੱਚ ਲਿਆਂਦਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸਾਰੇ ਤਖ਼ਤਾਂ ਵਾਲਡ ਸਿਟੀ ਅੰਮ੍ਰਿਤਸਰ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਸਾਹਿਬ ਹਨ ਜਿਨ੍ਹਾਂ ਵਿੱਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਪੰਜਾਬ ਵਿੱਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਇਜਲਾਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਨੇਕ ਕਾਰਜ ਲਈ ਫੰਡਾਂ ਅਤੇ ਸਰੋਤਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਇਨ੍ਹਾਂ ਸ਼ਹਿਰਾਂ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਲਈ ਈ-ਰਿਕਸ਼ਾ, ਮਿੰਨੀ ਬੱਸਾਂ ਅਤੇ ਹੋਰ ਮੁਫ਼ਤ ਜਨਤਕ ਆਵਾਜਾਈ ਪ੍ਰਣਾਲੀ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਕਿਉਂਕਿ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਲੜੀਵਾਰ ਸਮਾਗਮ ਕਰਵਾਏ ਹਨ।। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਰਵਉੱਚ ਅਤੇ ਬੇਮਿਸਾਲ ਹੈ ਕਿਉਂਕਿ ਇਸ ਸ਼ਹਾਦਤ ਦਾ ਉਦੇਸ਼ ਦੂਜਿਆਂ ਦੇ ਧਰਮ ਦੀ ਰਾਖੀ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦੱਸੇ ਮਨੁੱਖਤਾ ਅਤੇ ਸੱਚਾਈ ਦੇ ਰਾਹ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਸਾਹਿਬ ਦਾ ਸੰਦੇਸ਼ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦਾ ਸੱਚਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫਾ ਹਮੇਸ਼ਾ ਮਨੁੱਖਤਾ ਲਈ ਚਾਨਣ ਮੁਨਾਰਾ ਬਣਿਆ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਸਮਾਗਮ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਸਮਾਗਮਾਂ ਦਾ ਇੱਕੋ ਇੱਕ ਉਦੇਸ਼ ਮਹਾਨ ਗੁਰੂ ਸਾਹਿਬ ਦੀ ਮਹਾਨ ਵਿਰਾਸਤ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਪਵਿੱਤਰ ਨਗਰੀ ਵਿੱਚ ਮੌਜੂਦਾ ਚਰਨ ਗੰਗਾ ਸਟੇਡੀਅਮ ਦੇ ਨਵੀਨੀਕਰਨ ਅਤੇ ਅਪਗ੍ਰੇਡ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ ਤਾਂ ਜੋ ਹਰ ਸਾਲ ਹੋਲਾ ਮੁਹੱਲਾ ਮੌਕੇ ਪਵਿੱਤਰ ਨਗਰੀ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਕਦਮ ਚੁੱਕੇ ਜਾ ਰਹੇ ਹਨ।
ਆਪਣੇ ਸੰਬੋਧਨ ਵਿੱਚ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਹ ਆਪਣੀ ਪਤਨੀ ਨਾਲ ਇਸ ਪਵਿੱਤਰ ਧਰਤੀ ਨੂੰ ਨਮਨ ਕਰ ਲਈ ਇੱਥੇ ਮੌਜੂਦ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਬੇਹੱਦ ਸੁਭਾਗਾ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਕਰਵਾਈ ਸਮਾਗਮਾਂ ਦੀ ਲੜੀ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਇੱਕ ਵਿਲੱਖਣ ਅਨੁਭਵ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪਵਿੱਤਰ ਨਗਰੀ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਜੇਕਰ ਇਸ ਸੇਵਾ ਵਿੱਚ ਕੋਈ ਕਮੀ ਰਹਿ ਗਈ ਹੈ ਤਾਂ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਮਹਾਨ ਗੁਰੂ ਸਾਹਿਬ ਤੋਂ ਖ਼ਿਮਾ ਦੀ ਜਾਚਕ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸੰਦੇਸ਼ ਨੂੰ ਲੋਕਾਂ ਵੱਲੋਂ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਤਾਂ ਦੁਨੀਆ ਵਿੱਚ ਕਿਸੇ ਵੀ ਤਰ੍ਹਾਂ ਦੇ ਫਿਰਕੂ ਤਣਾਅ ਦੀ ਕੋਈ ਜਗ੍ਹਾ ਨਹੀਂ ਬਚੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪਿਆਰ, ਦਇਆ ਅਤੇ ਮਨੁੱਖਤਾ ਦਾ ਸੰਦੇਸ਼ ਵਿਸ਼ਵ ਸ਼ਾਂਤੀ ਦਾ ਰਾਹ ਪੱਧਰਾ ਕਰ ਸਕਦਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹਨਾਂ ਸਮਾਗਮਾਂ ਲਈ ਸਾਰੇ ਪ੍ਰਬੰਧ ਇਸ ਲਈ ਸੰਭਵ ਹੋਏ ਹਨ ਕਿਉਂਕਿ ਸੂਬਾ ਸਰਕਾਰ ਮਹਾਨ ਗੁਰੂਆਂ ਵੱਲੋਂ ਦਰਸਾਏ ਮਾਰਗ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ ਰਸਤੇ 'ਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਪੂਰੀ ਸੂਝ ਅਤੇ ਸੁਜੱਚੇ ਢੰਗ ਨਾਲ ਖਰਚ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਦੂਰ-ਦਰਾਡੇ ਵਾਲੇ ਇਲਾਕਿਆਂ ਵਿੱਚ ਵੀ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਨਾਲ ਹੀ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੁਸ਼ਕਿਸਮਤ ਹੈ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਸਮਾਗਮ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਇਤਿਹਾਸ ਚੜ੍ਹਦੀ ਕਲਾ ਦਾ ਪ੍ਰਤੀਕ ਹੈ ਜੋ ਲੋਕਾਂ ਨੂੰ ਕਿਰਤ ਕਰਨ, ਪਰਮਾਤਮਾ ਦਾ ਨਾਮ ਜਪਣ, ਦੂਜਿਆਂ ਨਾਲ ਵੰਡ ਕੇ ਛੱਕਣ ਅਤੇ ਕਮਜ਼ੋਰਾਂ ਤੇ ਦੱਬੇ-ਕੁਚਲੇ ਲੋਕਾਂ ਦੀ ਰਾਖੀ ਲਈ ਪ੍ਰੇਰਿਤ ਕਰਦਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਵੀ ਪੰਜਾਬੀ ਮਹਾਨ ਗੁਰੂਆਂ ਤੋਂ ਜ਼ੁਲਮ, ਜਬਰ ਅਤੇ ਅੱਤਿਆਚਰ ਵਿਰੁੱਧ ਲੜਨ ਦੀ ਪ੍ਰੇਰਨਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਨੂੰ ਆਪਣਾ ਫਰਜ਼ ਸਮਝਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਮੰਤਰੀ ਤੋਂ ਲੈ ਕੇ ਅਧਿਕਾਰੀ ਤੱਕ ਸੂਬਾ ਸਰਕਾਰ ਨਾਲ ਜੁੜੇ ਹਰ ਵਿਅਕਤੀ ਨੇ ਗੁਰੂ ਸਾਹਿਬ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਹੀ ਨਤੀਜਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਹੋਰ ਸਖਸ਼ੀਅਤਾਂ ਹਾਜ਼ਰ ਸਨ।
Get all latest content delivered to your email a few times a month.