ਤਾਜਾ ਖਬਰਾਂ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ ਅਤੇ ਪੌਦੇ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਮਹਾਨ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ, ਜਿਨ੍ਹਾਂ ਨੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸਦੀਵੀ ਸੰਦੇਸ਼ ਦਿੱਤਾ। ਇਸ ਮੁਹਿੰਮ ਤਹਿਤ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਸੰਤੁਲਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾ ਕੇ ਪੰਜਾਬ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਸਰੋਤ ਰੁੱਖ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਅੱਗੇ ਆਉਣ ਅਤੇ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਲਈ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਪ੍ਰਸ਼ਾਸਨ ਦਾ ਸਾਥ ਦੇਣ।
ਮੁੱਖ ਮੰਤਰੀ ਨੇ ਲੋਕਾਂ ਅਤੇ ਸਿਹਤ ਵਿਭਾਗ ਦੇ ਸਟਾਫ਼ ਨੂੰ ਅੰਗ ਦਾਨ ਦੀ ਸਹੁੰ ਵੀ ਚੁਕਾਈ, ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਵੇਂ ਗੁਰੂ ਸਾਹਿਬ ਜੀ ਦੁਆਰਾ ਦਰਸਾਈਆਂ ਨਿਰਸਵਾਰਥਤਾ ਅਤੇ ਉਦਾਰਤਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਖ਼ੂਨਦਾਨ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਲਈ ਉਤਸ਼ਾਹਿਤ ਕਰੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡੀ ਸੇਵਾ ਹੈ, ਜੋ ਇੱਕ ਦਾਨੀ ਦੀ ਸਮਾਜ ਨੂੰ ਦੇਣ ਹੈ ਕਿਉਂਕਿ ਇਹ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖ਼ੂਨਦਾਨੀ ਇੱਕ ਨਾਇਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਖ਼ੂਨਦਾਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸ਼ਲਾਘਾ ਕੀਤੀ।
Get all latest content delivered to your email a few times a month.