ਤਾਜਾ ਖਬਰਾਂ
ਚੰਡੀਗੜ੍ਹ 2 ਦਸੰਬਰ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ ਉਸਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ 'ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ਵਿੱਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ 'ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਅਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.