ਤਾਜਾ ਖਬਰਾਂ
ਲੁਧਿਆਣਾ ਦੇ ਨਿਰੰਕਾਰੀ ਭਵਨ ਦੇ ਨੇੜੇ ਅੱਜ ਸਵੇਰੇ ਇਕ ਦੁੱਖਦਾਈ ਸੜਕ ਹਾਦਸਾ ਵਾਪਰਿਆ, ਜਿਸ ਨੇ ਇਕ ਪਰਿਵਾਰ ਦੀ ਖੁਸ਼ੀਆਂ ਉਜਾੜ ਦਿੱਤੀਆਂ। ਜਾਣਕਾਰੀ ਮੁਤਾਬਕ, 45 ਸਾਲਾ ਪੰਕਜ ਰਤਨ ਆਪਣੀ ਰੋਜ਼ਾਨਾ ਦੀ ਰੁਟੀਨ ਅਨੁਸਾਰ ਆਪਣੇ ਪੁੱਤਰ ਨੂੰ ਕੰਮ ’ਤੇ ਛੱਡਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਐਕਟਿਵਾ 'ਤੇ ਸਵਾਰ ਸੀ, ਤਦ ਦਿੱਲੀ ਨੰਬਰ ਦੀ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਭਿਆਨਕ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜੋਰਦਾਰ ਸੀ ਕਿ ਐਕਟਿਵਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਪੰਕਜ ਰਤਨ ਸੜਕ 'ਤੇ ਗਿਰ ਕੇ ਗੰਭੀਰ ਤੌਰ 'ਤੇ ਜ਼ਖਮੀ ਹੋਇਆ। ਚਸ਼ਮਦੀਦਾਂ ਦੇ ਮੁਤਾਬਕ ਹਾਦਸੇ ਤੋਂ ਤੁਰੰਤ ਬਾਅਦ ਇਲਾਕੇ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਕਾਰ ਵਿੱਚ ਬੈਠੇ ਦੋ ਨੌਜਵਾਨਾਂ ਵਿੱਚੋਂ ਇੱਕ ਨੂੰ ਲੋਕਾਂ ਨੇ ਮੌਕੇ 'ਤੇ ਹੀ ਫੜ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।
ਗੰਭੀਰ ਹਾਲਤ ਵਿੱਚ ਪੰਕਜ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਨੇ ਦਮ ਤੋੜ ਦਿੱਤਾ। ਮ੍ਰਿਤਕ ਪੰਕਜ ਰਤਨ ਇੱਕ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ। ਉਸਦੇ ਪਰਿਵਾਰ ਵਿੱਚ ਪਤਨੀ, ਪੁੱਤਰ ਸ਼ਿਵ ਰਤਨ—ਜੋ ਕਿ ਫੈਕਟਰੀ ਵਿੱਚ ਨੌਕਰੀ ਕਰਦਾ ਹੈ—ਅਤੇ ਧੀ ਅਧਿਤੀ ਰਤਨ ਸ਼ਾਮਲ ਹਨ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹਾਦਸੇ ਦੇ ਅਸਲੀ ਕਾਰਨਾਂ ਦੀ ਜਾਂਚ ਲਈ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
Get all latest content delivered to your email a few times a month.